
ਨੈਸ਼ਨਲ ਸਕਿਉਰਿਟੀ ਐਕਟ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅਤੇ ਹੋਰ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਦੂਜਾ ਅਰਦਾਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਤੇ ਹੋਰ ਸਬੰਧਤ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਸਣੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂਘਰਾਂ ਵਿੱਚ ਨਤਮਸਤਕ ਹੋਣ ਤੋਂ ਰੋਕਣ ਲਈ ਸਰਕਾਰ ਨੇ ਪੂਰੇ ਇੰਤਜ਼ਾਮ ਕੀਤੇ ਹੋਏ ਹਨ। ਇਸ ਦੇ ਬਾਵਜੂਦ ਅੱਜ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੁੰਮ-ਹੁਮਾ ਕੇ ਪੁੱਜੀ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤੀਜਾ ਅਰਦਾਸ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ 3 ਦਸੰਬਰ ਨੂੰ ਹੋਵੇਗਾ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਪਹਿਲ ਦੇ ਆਧਾਰ ’ਤੇ ਰਿਹਾਅ ਕੀਤਾ ਜਾਵੇ। ਇੱਕ ਰਾਜਸੀ ਪਾਰਟੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ 2024 ਦੀਆਂ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਮਾਪਿਆਂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਰਾਜਨੀਤੀ ’ਚ ਆਉਣ ਦੀ ਕੋਈ ਯੋਜਨਾ ਨਹੀਂ। ਉਨ੍ਹਾਂ ਅਪੀਲ ਕੀਤੀ ਕਿ 2024 ਦੀਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਸਬੰਧਤ ਚੰਗੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ। ਅੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਤੇ ਭਾਰੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਸੀ।