AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

‘ਆਪ’ ਨੂੰ ਸੱਤਾ ਤੋਂ ਲਾਂਭੇ ਕਰੇਗੀ ਕਾਂਗਰਸ: ਯਾਦਵ

ਪੰਜਾਬ ਕਾਂਗਰਸ ਵੱਲੋਂ ਅੱਜ ਪਡਿਆਲਾ ਬਾਈਪਾਸ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਕੀਤੀ ਰੈਲੀ ਵਿਚ ਪੰਜਾਬ ਦੇ ਹਿੱਤਾਂ ਲਈ ਸਮੁੱਚੇ ਪੰਜਾਬੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ। ਸ੍ਰੀ ਯਾਦਵ ਨੇ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਕਿ ਸਰਕਾਰ ਨੂੰ ਬਾਹਰ ਕਰਨ ਤੱਕ ਕਾਂਗਰਸ ਪਾਰਟੀ ਪੰਜਾਬ ਵਿੱਚ ਚੈਨ ਨਾਲ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਸਿਖ਼ਰਾਂ ’ਤੇ ਹੈ ਜਦਕਿ ਅਮਨ-ਕਾਨੂੰਨ ਦੀ ਵਿਵਸਥਾ ਖ਼ਰਾਬ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਰ ਪੱਖ ਤੋਂ ਮਾੜੇ ਹਨ। ਪੰਜਾਬ ਦੀ ਜਵਾਨੀ ਇਸ ਵੇਲੇ ਨਸ਼ਿਆਂ ਵਿੱਚ ਗਲਤਾਨ ਹੈ ਜਦਕਿ ਪੰਜਾਬ ਦੇ ਲੋਕ ਬੇਵਸ ਹੋ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਦਮ ਨਹੀਂ ਰਿਹਾ ਇਸੇ ਕਾਰਨ ਸਰਕਾਰਾਂ ਜ਼ਾਲਮ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਛੇੜਨ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਸ਼ਾਂਤੀ ਦਾ ਮਸੀਹਾ ਬਣ ਕੇ ਉੱਭਰੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਮਾਨ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਕੇਂਦਰ ਪੰਜਾਬ ਨੂੰ ਕਮਜ਼ੋਰ ਕਰਨ ਵਿੱਚ ਲੱਗੀ ਹੋਈ ਹੈ ਜਦਕਿ ਪੰਜਾਬ ਸਰਕਾਰ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਸ੍ਰੀ ਬਾਜਵਾ ਨੇ ਦੋਸ਼ ਲਾਇਆ ਕਿ ਗਿਣੀ ਮਿੱਥੀ ਸਾਜਿਸ਼ ਤਹਿਤ ਹੀ ਅਟਾਰੀ ’ਤੇ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਰਿਹਾ ਜਦਕਿ ਦੇਸ਼ ਦੀਆਂ ਹੋਰ ਸਰਹੱਦਾਂ ਤੋਂ ਵਪਾਰ ਆਮ ਵਾਂਗ ਚੱਲ ਰਿਹਾ ਹੈ। ਇਸ ਮੌਕੇ ਵਿਰੋਧੀ ਧਿਰ ਦੇ ਉੱਪ ਆਗੂ ਰਾਜ ਕੁਮਾਰ ਚੱਬੇਵਾਲ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਦੀਪਇੰਦਰ ਸਿੰਘ ਢਿੱਲੋਂ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ ਹਾਜ਼ਰ ਸਨ।

Scroll to Top