
ਆਮ ਆਦਮੀ ਪਾਰਟੀ (ਆਪ) ਨੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕਰਦਿਆਂ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦੇਣਗੇ ਅਤੇ ਐੱਸਵਾਈਐੱਲ ਨਹਿਰ ਦੀ ਉਸਾਰੀ ਨਹੀਂ ਹੋਣ ਦੇਣਗੇ। ਸ੍ਰੀ ਕੰਗ ਨੇ ਕਿਹਾ ਕਿ 20 ਫਰਵਰੀ 1978 ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜ਼ਮੀਨ ਐਕੁਆਇਰ ਬਿੱਲ ਦੀ ਧਾਰਾ 4 ਤਹਿਤ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਉਨ੍ਹਾਂ ਨਾਲ ਦੋਸਤੀ ਦੇ ਗੁਣਗਾਨ ਕੀਤੇ ਸਨ। ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਰਿਕਾਰਡ ਵਿੱਚ ਹੈ ਅਤੇ ਦੇਵੀ ਲਾਲ ਦਾ ਭਾਸ਼ਣ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ ਦੇ ਰਿਕਾਰਡ ਵਿੱਚ ਹੈ। ਸ੍ਰੀ ਕੰਗ ਨੇ ਕਿਹਾ ਕਿ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਸੂਬੇ ਦੇ ਲੋਕਾਂ ਨੇ ਵੱਡੇ ਪੱਧਰ ’ਤੇ ਵਿਰੋਧ ਕੀਤਾ। ਇਸੇ ਤਰ੍ਹਾਂ ਖੇਤੀ ਕਾਨੂੰਨਾਂ ਵੇਲੇ ਕੇਂਦਰੀ ਮੰਤਰੀ ਹੁੰਦਿਆਂ ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ’ਤੇ ਦਸਤਖਤ ਕੀਤੇ ਸਨ ਪਰ ਵਿਰੋਧ ਜ਼ਿਆਦਾ ਹੋਣ ਕਾਰਨ ਪਿੱਛੇ ਹਟ ਗਏ ਸਨ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਾਰੇ ਮੁੱਦਿਆਂ ਨੂੰ ਲੈ ਕੇ ਬਹੁਤ ਗੰਭੀਰ ਹਨ। ਇਸ ਕਾਰਨ ਉਨ੍ਹਾਂ ਐੱਸਵਾਈਐੱਲ ਦੇ ਮੁੱਦੇ ’ਤੇ ਬਹਿਸ ਕਰਾਉਣ ਦਾ ਸੱਦਾ ਦਿੱਤਾ ਸੀ। ਇਸੇ ਲਈ ਉਨ੍ਹਾਂ ਨੇ ਵਿਰੋਧੀ ਧਿਰ ਦੇ ਸਾਰੇ ਆਗੂਆਂ ਨੂੰ ਬਹਿਸ ਲਈ ਸੱਦਾ ਦਿੱਤਾ ਸੀ ਪਰ ਵਿਰੋਧੀ ਆਗੂ ਪਿੱਛੇ ਹਟ ਰਹੇ ਹਨ।