AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਾਉਂਕੇ ਕਤਲ ਮਾਮਲਾ: ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਕਾਰਵਾਈ ਲਈ ਮਾਹਿਰਾਂ ਦੀ ਕਮੇਟੀ ਬਣਾਈ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਵਾਸਤੇ ਕਮੇਟੀ ਬਣਾਈ ਗਈ ਹੈ। ਇਸ ਵਿੱਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਸ਼ਾਮਲ ਹਨ, ਜਿਨ੍ਹਾਂ ਦੀ ਅਗਵਾਈ ’ਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਥਿਤ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ’ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਸੀ। ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਾਨੂੰਨੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖ਼ਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਵੱਲੋਂ ਭੇਜੀ ਗਈ ਸਾਬਕਾ ਪੁਲੀਸ ਅਧਿਕਾਰੀ ਬੀਪੀ ਤਿਵਾੜੀ ਦੀ ਰਿਪੋਰਟ ਦੀ ਮੁਕੰਮਲ ਘੋਖ ਕਰ ਕੇ ਕਾਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Scroll to Top