
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ’ਤੇ ਸਖ਼ਤੀ ਕਰਨ ਤੋਂ ਪਹਿਲਾਂ ਸਰਕਾਰ ਦੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬਾ ਵਾਸੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਵਾਅਦੇ ਦੇ ਬਾਵਜੂਦ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਨਕਦ ਪ੍ਰੋਤਸਾਹਨ ਦੇਣ ਵਿੱਚ ਅਸਫਲ ਰਹੇ ਹਨ। ਉਹ ਲਗਾਤਾਰ ਦੋ ਸੀਜ਼ਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫ਼ਸਲ ਖ਼ਰੀਦਣ ਦੇ ਵਾਅਦੇ ਤੋਂ ਕਿਉਂ ਮੁੱਕਰ ਗਏ ਹਨ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਫ਼ਸਲੀ ਪ੍ਰਬੰਧਨ ਨਾਲ ਸਬੰਧਿਤ ਮਸ਼ੀਨਰੀ ਮੁਹੱਈਆ ਕਰਵਾਉਣ ਵਿਚ ਵੀ ਅਸਫਲ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਕਿਸਾਨ ਛੋਟੇ ਅਤੇ ਸੀਮਾਂਤ ਹਨ। ਉਹ ਮਹਿੰਗੀ ਮਸ਼ੀਨਰੀ ਨਹੀਂ ਖ਼ਰੀਦ ਸਕਦੇ। ਮਾਨ ਸਰਕਾਰ ਸਹਿਕਾਰੀ ਸਭਾਵਾਂ ਰਾਹੀਂ ਅਜਿਹੇ ਕਿਸਾਨਾਂ ਲਈ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ ’ਤੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ।