
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਲਈ ਪੰਜ ਸੌ ਤੋਂ ਵੱਧ ਮੰਡੀਆਂ ਬੰਦ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਪੰਜਾਬ ਵਿੱਚ ਕਈ ਥਾਵਾਂ ’ਤੇ ਕੌਮੀ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਠਿੰਡਾ, ਫਿਰੋਜ਼ਪੁਰ, ਮੁਕਤਸਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਲੁਧਿਆਣਾ ਅਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਸੜਕਾਂ ’ਤੇ ਇਕੱਠ ਕਰਕੇ ਸਰਕਾਰੀ ਕਾਰਵਾਈ ਦਾ ਵਿਰੋਧ ਕੀਤਾ ਅਤੇ ਬੰਦ ਮੰਡੀਆਂ ਤੁਰੰਤ ਚਲਾਉਣ ਦੀ ਮੰਗ ਕੀਤੀ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ ’ਚ ਸਰਕਾਰੀ ਖਰੀਦ ਠੱਪ ਕਰਕੇ ਪੰਜਾਬ ਸਰਕਾਰ ਖੇਤੀ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਕਾਲੇ ਖੇਤੀ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਦਾ ਵਿਰੋਧ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮਸ਼ੀਨਰੀ ਦੀ ਅਣਹੋਂਦ ਅਤੇ ਸਰਕਾਰ ਦੀ ਲੋੜੀਂਦੀ ਮਦਦ ਨਾ ਹੋਣ ਕਾਰਨ ਮਜਬੂਰੀਵੱਸ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ’ਤੇ ਜਬਰ ਲਈ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਹੈ ਕਿਉਂਕਿ ਕਿਸਾਨਾਂ ਦੀ ਹਾਲਤ ਦਾ ਧਿਆਨ ਰੱਖਣ ਬਾਰੇ ਇਸ ਕੋਰਟ ਦੀ ਟਿੱਪਣੀ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜੁਰਮਾਨਾ ਬਿਲਕੁਲ ਨਾ ਭਰਿਆ ਜਾਵੇ ਅਤੇ ਜਥੇਬੰਦੀ ਤੱਕ ਤੁਰੰਤ ਪਹੁੰਚ ਕੀਤੀ ਜਾਵੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਜਨਤਕ ਘੋਲ ਰਾਹੀਂ ਪੁਲੀਸ ਕੇਸਾਂ, ਲਾਲ ਐਂਟਰੀਆਂ ਤੇ ਜੁਰਮਾਨਿਆਂ ਦਾ ਖਾਤਮਾ ਕਰਾਏਗੀ।