AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨਾਂ ਵੱਲੋਂ ਜਲੰਧਰ-ਦਿੱਲੀ ਹਾਈਵੇਅ ਜਾਮ

ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ’ਤੇ ਗੰਨੇ ਦੇ ਰੇਟਾਂ ’ਚ ਵਾਧੇ ਅਤੇ ਹੋਰ ਮੰਗਾਂ ਸਬੰਧੀ ਕਿਸਾਨ ਜਥੇਬੰਦੀਆਂ ਨੇ ਜਲੰਧਰ-ਦਿੱਲੀ ਹਾਈਵੇਅ ’ਤੇ ਧੰਨੋਵਾਲੀ ਗੇਟ ਨੇੜੇ ਧਰਨਾ ਲਾਇਆ। ਜਲੰਧਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਅਤੇ ਜਲਦ ਤੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਪਰ ਕਿਸਾਨਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਕੋਈ ਵੀ ਕਿਸਾਨ ਹਾਈਵੇਅ ਬੰਦ ਕਰਨ ਦੇ ਹੱਕ ਵਿੱਚ ਨਹੀਂ ਹੈ ਪਰ ਸਰਕਾਰ ਨੂੰ ਨੀਂਦ ’ਚ ਉਠਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਿੱਲ ਨੂੰ ਚੱਲਣ ਨਹੀਂ ਦੇ ਰਹੀ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਕਿਉਂਕਿ ਗੰਨੇ ਦੀ ਫਸਲ ਤਿਆਰ ਹੈ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਰਕਾਰ ਨਾਲ ਮੀਟਿੰਗ ਵੀ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਸਿੱਟਾ ਨਹੀਂ ਕੱਢਿਆ ਗਿਆ। ਕਿਸਾਨਾਂ ਦੇ ਧਰਨੇ ਕਾਰਨ ਜ਼ਿਲ੍ਹੇ ਦੀਆਂ ਮੁੱਖ ਸੜਕਾਂ ’ਤੇ ਵਾਹਨ ਕਈ-ਕਈ ਘੰਟੇ ਜਾਮ ਵਿਚ ਫਸੇ ਰਹੇ, ਜਿਸ ਕਾਰਨ ਲੋਕ, ਖਾਸ ਕਰ ਕੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰਾਮਾਂਮੰਡੀ, ਆਦਮਪੁਰ, ਭੋਗਪੁਰ, ਕਿਸ਼ਨਗੜ੍ਹ, ਫਗਵਾੜਾ ਹੁਸ਼ਿਆਰਪੁਰ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਜਾਮ ਵਾਲੀ ਸਥਿਤੀ ਬਣੀ ਰਹੀ। ਇਸ ਜਾਮ ਵਿੱਚ ਐਂਬੂਲੈਂਸਾਂ ਵੀ ਫਸੀਆਂ ਦੇਖੀਆਂ ਗਈਆਂ। ਜਲੰਧਰ ਕਮਿਸ਼ਨਰੇਟ ਅਤੇ ਦਿਹਾਤੀ ਪੁਲੀਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਜਲੰਧਰ-ਦਿੱਲੀ ਹਾਈਵੇਅ ਉੱਪਰ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਕੱਲ੍ਹ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਧਰਨਾ ਸਮਾਪਤ ਕਰ ਦੇਣ।

Scroll to Top