AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨਾਂ ਵੱਲੋਂ ਮੰਗਾਂ ਦੇ ਹੱਕ ’ਚ ਮੁੜ ਸੰਘਰਸ਼ ਸ਼ੁਰੂ

ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇੱਥੇ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਪਣਾ ਤਿੰਨ ਦਿਨਾਂ ਦਾ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ। ਆਪਣੀਆਂ ਮੰਗਾਂ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਖਾਤਰ ਕਿਸਾਨ ਅੱਜ ਮੁਹਾਲੀ-ਚੰਡੀਗੜ੍ਹ ਬਾਰਡਰ ਉਤੇ ਜੁੜੇ ਤੇ ਰੋਸ ਪ੍ਰਦਰਸ਼ਨ ਆਰੰਭ ਦਿੱਤਾ। ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਮਾਰਚ ਕਰਨਗੇ। ਮੁਹਾਲੀ ਦੇ ਫੇਜ਼-11 ਨੇੜੇ ਇਕੱਠੇ ਹੋਏ ਕਿਸਾਨ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਵਿਚ ਰਾਸ਼ਨ, ਬਿਸਤਰੇ, ਬਰਤਨ ਤੇ ਗੈਸ ਸਿਲੰਡਰ ਵੀ ਲੈ ਕੇ ਆਏ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 32 ਕਿਸਾਨ ਜਥੇਬੰਦੀਆਂ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਉਂਜ ਬੀਤੀ ਸ਼ਾਮ ਹੀ ਕਿਸਾਨ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸਨ। ਮੁਹਾਲੀ ਤੋਂ ਚੰਡੀਗੜ੍ਹ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਜਗਤਪੁਰਾ ਨੇੜੇ ਸਾਂਝੀ ਸਟੇਜ ਲਗਾਈ ਗਈ। ਪੰਜਾਬ ਪੁਲੀਸ ਅਤੇ ਯੂਟੀ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਮੁਤਾਬਕ ਮੌਕਾ ਦੇਖ ਕੇ ਕਿਸਾਨ ਪੁਲੀਸ ਰੋਕਾਂ ਤੋੜ ਕੇ ਅੱਗੇ ਵੀ ਵਧ ਸਕਦੇ ਹਨ ਤੇ ਸੰਘਰਸ਼ ਜ਼ਿਆਦਾ ਦਿਨ ਜਾਰੀ ਰਹਿਣ ਦੇ ਆਸਾਰ ਬਣ ਸਕਦੇ ਹਨ। ਇਸੇ ਦੌਰਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ/ਫੈਡਰੇਸ਼ਨਾਂ ਦੇ ਸੱਦੇ ’ਤੇ ਵੱਖ-ਵੱਖ ਸੂਬਿਆਂ ਦੀਆਂ ਰਾਜਧਾਨੀਆਂ ਦੇ ਰਾਜ ਭਵਨਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਵਿਚ ਕਈ ਰਾਜਾਂ ਦੇ ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰ, ਖਾਸ ਕਰਕੇ ਔਰਤਾਂ ਅਤੇ ਨੌਜਵਾਨਾਂ ਦੀ ਵਿਸ਼ਾਲ ਸ਼ਮੂਲੀਅਤ ਰਹੀ। ਸੰਯੁਕਤ ਕਿਸਾਨ ਮੋਰਚੇ ਦੀਆਂ ਯੂਨੀਅਨਾਂ ਅਤੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਵੱਖ-ਵੱਖ ਨੇਤਾਵਾਂ ਨੇ ਅੱਜ ਵੱਖ-ਵੱਖ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਹੋਏ ਪ੍ਰਦਰਸ਼ਨਾਂ ਵਿੱਚ ਸ਼ਿਰਕਤ ਕੀਤੀ। ਪ੍ਰਾਪਤ ਰਿਪੋਰਟਾਂ ਅਨੁਸਾਰ ਸ਼ਿਮਲਾ, ਦੇਹਰਾਦੂਨ, ਸ੍ਰੀਨਗਰ, ਦਿੱਲੀ ਸਿਵਿਲ ਲਾਈਨਜ਼, ਲਖਨਊ, ਪਟਨਾ, ਰਾਂਚੀ, ਕੋਲਕਾਤਾ, ਗੁਹਾਟੀ, ਭੁਵਨੇਸ਼ਵਰ, ਵਿਜੈਵਾੜਾ, ਚੇਨਈ, ਬੰਗਲੂਰੂ ਤੇ ਤਿਰੂਵਨੰਤਪੁਰਮ ਸਮੇਤ ਕਈ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਤੇ ਵਰਕਰਾਂ ਨੇ ਰੋਸ ਮੁਜ਼ਾਹਰਿਆਂ ’ਚ ਸ਼ਿਰਕਤ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਦੇ ਕਿਸਾਨਾਂ ਨੇ ਉਪ ਰਾਜਪਾਲ ਵੀਕੇ ਸਕਸੈਨਾ ਦੀ ਸਰਕਾਰੀ ਰਿਹਾਇਸ਼, ਸਿਵਲ ਲਾਈਨਜ਼ ਅੱਗੇ ਧਰਨਾ ਦਿੱਤਾ। ਇਸ ਰੋਸ ਪ੍ਰਦਰਸ਼ਨ ਵਿੱਚ ਮਜ਼ਦੂਰ ਯੂਨੀਅਨਾਂ ਤੇ ਖੱਬੀਆਂ ਧਿਰਾਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਮੁਹਾਲੀ ’ਚ ਕਿਸਾਨ ਆਗੂ ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕਿਰਤੀ ਕਿਸਾਨ ਯੂਨੀਅਨ (ਢੁਡੀਕੇ) ਦੇ ਆਗੂ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਮਾ, ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਬੁਲਾਰਿਆਂ ਨੇ ਐਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਡਰੋਂ ਹੀ ਮੰਡੀਆਂ ਵਿੱਚ ਕਣਕ, ਝੋਨਾ ਅਤੇ ਨਰਮਾ ਖ਼ਰੀਦਿਆ ਜਾਂਦਾ ਹੈ ਜਦੋਂਕਿ ਬਾਕੀ ਜ਼ਿਆਦਾਤਰ ਫ਼ਸਲਾਂ ਰੁਲਦੀਆਂ ਰਹਿੰਦੀਆਂ ਹਨ। ਕਿਸਾਨਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਫ਼ਸਲੀ ਬੀਮਾ, ਤਬਾਹ ਹੋਈਆਂ ਫ਼ਸਲਾਂ ਦਾ ਯੋਗ ਮੁਆਵਜ਼ਾ, ਸਾਰੇ ਕਰਜ਼ੇ ਮੁਆਫ਼ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਝੂਠੇ ਪਰਚੇ ਤੇ ਹੁਣ ਵਾਤਾਵਰਨ ਦੀ ਆੜ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ ਕਿਸਾਨਾਂ ਦੇ ਦਰਜ ਸਾਰੇ ਪਰਚੇ ਫੌਰੀ ਰੱਦ ਕੀਤੇ ਜਾਣ ਦੀ ਮੰਗ ਕੀਤੀ। ਕਿਸਾਨਾਂ ਨੇ ਲਖੀਮਪੁਰ ਖੀਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਆਪਣਿਆਂ ਅਤੇ ਬੇਗਾਨਿਆਂ ਲਈ ਵੱਖੋ-ਵੱਖਰੇ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਆਪਣੀ ਜਾਂਚ ਵਿੱਚ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਅਜੈ ਮਿਸ਼ਰਾ ਨੂੰ ਸਾਜ਼ਿਸ਼ ਘਾੜਾ ਕਰਾਰ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਮੰਤਰੀ ਦੇ ਅਹੁਦੇ ’ਤੇ ਬਣੇ ਹੋਏ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਭਾਜਪਾ ਆਗੂ ਨੂੰ ਫੜ ਕੇ ਜੇਲ੍ਹ ਵਿੱਚ ਡੱਕਿਆ ਜਾਵੇ ਅਤੇ ਖੇਤੀ ਬਿੱਲ ਵਾਪਸ ਲੈਣ ਸਮੇਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ। ਉਨ੍ਹਾਂ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 723 ਕਿਸਾਨਾਂ ਅਤੇ ਬੀਬੀਆਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਜ਼ੂਲ ਸਹੂਲਤਾਂ ਪ੍ਰਦਾਨ ਕਰਨ ਦੀ ਥਾਂ ਕਿਰਤੀ ਤੇ ਕਿਸਾਨਾਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ ਜਾਵੇ। ਇਸ ਮੌਕੇ ਹਰਨੇਕ ਸਿੰਘ ਮਹਿਮਾ, ਅੰਗਰੇਜ਼ ਸਿੰਘ, ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਬਿੰਦਰ ਸਿੰਘ ਗੋਰੇਵਾਲ, ਰਣਬੀਰ ਸਿੰਘ ਗਰੇਵਾਲ, ਗੁਰਨਾਮ ਸਿੰਘ ਦਾਊਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Scroll to Top