
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਐੱਸਵਾਈਐੱਲ ਨਹਿਰ ਦੀ ਉਸਾਰੀ ਲਈ ਸਰਵੇਖਣ ਕਰਨ ਦੇ ਹੁਕਮ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਉਕਤ ਜਥੇਬੰਦੀਆਂ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਹਰਿਆਣਾ ਅਤੇ ਰਾਜਸਥਾਨ ’ਚ ਸਿਆਸੀ ਲਾਹੇ ਲਈ ਪਾਣੀਆਂ ਦੇ ਸੰਵੇਦਨਸ਼ੀਲ ਮੁੱਦੇ ’ਤੇ ਸਮਝੌਤਾਵਾਦੀ ਸਟੈਂਡ ਲੈਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਸੂਬਾਈ ਸੂਚੀ ਦੇ ਇੰਦਰਾਜ਼ ਨੰਬਰ 17 ’ਤੇ ਦਰਜ ਰਾਜ ਦਾ ਵਿਸ਼ਾ ਹੈ, ਜਿਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਨੂੰ ਪਾਣੀਆਂ ਦੇ ਮੁੱਦਿਆਂ ’ਤੇ ਕਾਰਜਕਾਰੀ ਹੁਕਮ ਤੇ ਫ਼ੈਸਲੇ ਪਾਸ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ, ਇਸ ਲਈ ਕੇਂਦਰ ਸਰਕਾਰ ਦਾ ਦਖ਼ਲ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਸ੍ਰੀ ਰਾਜੇਵਾਲ ਨੇ ਕਿਹਾ ਕਿ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕੀਤਾ ਜਾਵੇ ਜੋ ਕੇਂਦਰ ਸਰਕਾਰ ਦੇ ਦਖਲ ਨੂੰ ਸੱਦਾ ਦੇਣ ਲਈ ਪਾਈਆਂ ਗਈਆਂ ਸਨ।