
ਪੰਜਾਬ ਭਰ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਵੱਲੋਂ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਵਿਰੁੱਧ ਦਰਜ ਐੱਫ਼ਆਈਆਰ ਰੱਦ ਕਰਨ ਅਤੇ ਨਜ਼ਰਬੰਦ ਪੱਤਰਕਾਰਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਪ੍ਰਦਰਸ਼ਨ ਕੀਤੇ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਪੁਤਲੇ ਅਤੇ ਐੱਫਆਈਆਰ ਦੀਆਂ ਕਾਪੀਆਂ ਸਾੜੀਆਂ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਜਗਮੋਹਨ ਸਿੰਘ ਪਟਿਆਲਾ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਣੇ ਕਿਸਾਨ-ਮਜ਼ਦੂਰ ਵੀ ਸ਼ਾਮਲ ਸਨ। ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਹੋਏ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ਸਰਕਾਰ ਉੱਤੇ ਤਾਨਾਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨੇ ਨਿਰਪੱਖ ਪੱਤਰਕਾਰੀ ਦੀ ਮਿਸਾਲ ਪੇਸ਼ ਕਰ ਰਹੇ ‘ਨਿਊਜ਼ਕਲਿੱਕ’ ਦੇ ਪੱਤਰਕਾਰਾਂ ਨੂੰ ਸਰਾਸਰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਹੈ। ਇਸ ਤੋਂ ਵੀ ਅੱਗੇ ਪੱਤਰਕਾਰਾਂ ’ਤੇ ਵਿਦੇਸ਼ੀ ਫੰਡਿੰਗ ਰਾਹੀਂ ਦਿੱਲੀ ਕਿਸਾਨ ਘੋਲ ਲਈ ਕਿਸਾਨਾਂ ਨੂੰ ਉਕਸਾ ਕੇ ਦੇਸ਼ ਦੀ ਏਕਤਾ ਤੇ ਪ੍ਰਭੂਸੱਤਾ ਨੂੰ ਢਾਹ ਲਾਉਣ ਦੀ ਸਾਜ਼ਿਸ਼ ਰਚਣ ਦਾ ਬੇਬੁਨਿਆਦ ਦੋਸ਼ ਵੀ ਲਾਇਆ ਹੈ ਅਤੇ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਗਰਦਾਨਣ ਦਾ ਯਤਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਸ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ ਪੱਤਰਕਾਰ ਅਤੇ ਹੋਰ ਕਈ ਸ਼ਖ਼ਸੀਅਤਾਂ ਬੇਗੁਨਾਹ ਹਨ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਹੱਥੋਂ ਆਪਣੀ ਹਾਰ ਦੀ ਨਮੋਸ਼ੀ ਸਹਿਣ ਨਹੀਂ ਕਰ ਸਕੀ, ਇਸ ਲਈ ਕਿਸਾਨ ਲਹਿਰ ’ਤੇ ਹਮਲਾ ਕਰਨ ਦੇ ਬਹਾਨੇ ਲੱਭ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਸਾਜ਼ਿਸ਼ਾਂ ਅਤੇ ਵਾਅਦਾਖ਼ਿਲਾਫ਼ੀਆਂ ਵਿਰੁੱਧ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਤੋਂ 28 ਨਵੰਬਰ ਤੱਕ ਲਗਾਤਾਰ ਧਰਨੇ ਦਿੱਤੇ ਜਾਣਗੇ। ਇਸੇ ਕੜੀ ਵਜੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਦਾ ਧਰਨਾ ਦੇਣਗੀਆਂ। ਕਿਸਾਨਾਂ ਨੇ ਐਲਾਨ ਕੀਤਾ ਕਿ ਟਰੈਕਟਰ-ਟਰਾਲੀਆਂ ਅਤੇ ਗੱਡੀਆਂ ਮੋਟਰਾਂ ਰਾਹੀਂ ਕਿਸਾਨ 26 ਨਵੰਬਰ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ ਅਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ 1 ਨਵੰਬਰ ਤੋਂ 5 ਨਵੰਬਰ ਤੱਕ ਪਿੰਡਾਂ ਵਿੱਚ ਅਰਥੀਆਂ ਸਾੜਨ ਉਪਰੰਤ ਅੱਜ ਜ਼ਿਲ੍ਹੇ ਅਤੇ ਤਹਿਸੀਲ ਪੱਧਰਾਂ ’ਤੇ ਇਹ ਰੋਸ ਪ੍ਰਦਰਸ਼ਨ ਕੀਤੇ ਗਏ। ਮੁਜ਼ਾਹਰਿਆਂ ਨੂੰ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਝਾੜ, ਹਰਿੰਦਰ ਕੌਰ ਬਿੰਦੂ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਧਨੇਰ, ਮੇਜਰ ਸਿੰਘ ਪੁੰਨਾਵਾਲ, ਹਰਦੇਵ ਸਿੰਘ ਸੰਧੂ, ਡਾ. ਦਰਸ਼ਨ ਪਾਲ ਨੇ ਸੰਬੋਧਨ ਕੀਤਾ।