AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਵਿਰੁੱਧ ਦਿੱਲੀ ਵਿੱਚ ਚਲਾਏ ਲੰਮੇ ਸੰਘਰਸ਼ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਮੋਰਚੇ ਦੀ ਤਿਆਰੀ ਖਿੱਚ ਲਈ ਹੈ। ਜਥੇਬੰਦੀਆਂ ਨੇ ਅੱਜ ਇੱਥੇ ਮੀਟਿੰਗ ਕਰਕੇ 26 ਤੋਂ 28 ਨਵੰਬਰ ਤੱਕ ਰਾਜਧਾਨੀ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀ ਰੂਪ-ਰੇਖਾ ਐਲਾਨੀ। ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਿਸਾਨ ‘ਆਈਸਰ ਚੌਕ’ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ’ਤੇ ਆਉਣਗੇ। ਕਿਸਾਨਾਂ ਵੱਲੋਂ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ ਤੇ ਸਾਰੇ ਪੰਜਾਬ ਤੋਂ ਟਰੈਕਟਰ ਟਰਾਲੀਆਂ ਰਾਹੀਂ ਕਿਸਾਨ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਲਈ ਐੱਮਐੱਸਪੀ, ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਖਰੀਦ ਦੀ ਗਾਰੰਟੀ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਰੱਦ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਕੇਸ ਰੱਦ ਕਰਨ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰਨ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ਨਿਊਜ਼ਕਲਿੱਕ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਣ, ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਯਕੀਨੀ ਬਣਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਬਕਾਇਆ ਜਾਰੀ ਕਰਨ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੇ ਮਾਮਲਿਆਂ ਨੂੰ ਉਭਾਰਿਆ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸਬੰਧਤ ਮੰਗ ਪੱਤਰ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਜਾਵੇਗਾ।

Scroll to Top