AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਕਾਰਕੁਨ ਡੀਐੱਸਪੀ ਦਫ਼ਤਰ ਅੱਗੇ ਡਟੇ

ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਪਿੰਡ ਕੁਲਰੀਆਂ ਦੀ ਵਿਵਾਦਤ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਵਾਉਣ ਅਤੇ ਝੂਠੇ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਆਰੰਭ ਦਿੱਤਾ ਗਿਆ ਹੈ। ਮੋਰਚੇ ਦੇ ਪਹਿਲੇ ਦਿਨ ਵੱਡੀ ਗਿਣਤੀ ਕਿਸਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਜਥੇਬੰਦੀ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸਾਨਾਂ ’ਤੇ ਪਾਏ ਕੇਸ ਵਾਪਸ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਗੱਲ ’ਤੇ ਭਰੋਸਾ ਕਰ ਕੇ ਜਥੇਬੰਦੀ ਨੇ 15 ਦਸੰਬਰ ਤੋਂ ਲੱਗਣ ਵਾਲਾ ਮੋਰਚਾ ਮੁਲਤਵੀ ਕੀਤਾ ਸੀ ਪ੍ਰੰਤੂ ਪੁਲੀਸ ਵੱਲੋਂ ਮਾਮਲਾ ਹੱਲ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਾਸ਼ਤਕਾਰ ਕਿਸਾਨਾਂ ਨੂੰ ਮਾਲਕੀ ਹੱਕ ਨਹੀਂ ਦਿੱਤੇ ਜਾਂਦੇ, ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਬੰਦ ਨਹੀਂ ਕੀਤੇ ਜਾਂਦੇ ਅਤੇ ਕੁਲਰੀਆਂ ਦੇ ਕਿਸਾਨ ਸੀਤਾ ਸਿੰਘ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ, (ਏਕਤਾ) ਉਗਰਾਹਾਂ ਦੇ ਆਗੂ ਜਗਸੀਰ ਸਿੰਘ ਦੋਦੜਾ, ਮੱਖਣ ਸਿੰਘ ਭੈਣੀਬਾਘਾ, ਬਲਵਿੰਦਰ ਸਿੰਘ ਜੇਠੂਕੇ, ਲਖਵੀਰ ਸਿੰਘ ਅਕਲੀਆ ਤੇ ਕੁਲਵੰਤ ਸਿੰਘ ਭਦੌੜ ਨੇ ਵੀ ਸੰਬੋਧਨ ਕੀਤਾ।

Scroll to Top