AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪ੍ਰੀਭਾਸ਼ਾ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ : ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜੰਮੂ-ਕਸ਼ਮੀਰ ਹਾਈ ਕੋਰਟ ਵੱਲੋਂ ਇਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਕ ਪਿਛੋਕੜ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਸਿੱਖ ਦੀ ਪਛਾਣ ਨਿਰਧਾਰਤ ਕਰਨ ਦਾ ਕਿਸੇ ਦੁਨਿਆਵੀ ਅਦਾਲਤ ਨੂੰ ਕੋਈ ਅਧਿਕਾਰ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੰਮੂ-ਕਸ਼ਮੀਰ ਹਾਈਕੋਰਟ ਦਾ ਇਕ ਗੁਰਦੁਆਰਾ ਚੋਣ ਦੇ ਸਬੰਧ ਵਿਚ ਇਕ ਸਿੱਖ ਵੋਟਰ ਬਣਨ ਲਈ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਸਬੰਧੀ ਦਿੱਤਾ ਫੈਸਲਾ ਸਿੱਧੇ ਤੌਰ ‘ਤੇ ਸਿੱਖ ਕੌਮ ਦੀ ਵੱਖਰੀ ਪਛਾਣ ‘ਤੇ ਹਮਲਾ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਦਸ ਗੁਰੂ ਸਾਹਿਬਾਨ ਸੰਸਾਰੀ ਜਾਮੇ ਵਿਚ ਵਿਚਰਦਿਆਂ ਸਿੱਖਾਂ ਨੂੰ ਇਕ ਅੱਡ ਧਰਮ, ਨਿਰਾਲਾ ਪੰਥ ਅਤੇ ਵੱਖਰੀ ਕੌਮ ਵਜੋਂ ਮੁਕੰਮਲ ਪਛਾਣ ਦੇ ਕੇ ਗਏ ਹਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਨਾਵਾਂ ਪਿੱਛੇ ‘ਸਿੰਘ’ ਅਤੇ ‘ਕੌਰ’ ਲੱਗਣ ਦਾ ਇਕ ਲਾਸਾਨੀ ਸਿਧਾਂਤਕ ਅਤੇ ਇਤਿਹਾਸਕ ਆਧਾਰ ਹੈ, ਜਿਸ ਨੂੰ ਅਣਗੌਲਿਆਂ ਕਰਕੇ ਸਿੱਖ ਪਛਾਣ ਬਾਰੇ ਕਿਸੇ ਦੁਨਿਆਵੀ ਅਦਾਲਤ ਵਲੋੰ ਫੈਸਲਾ ਸੁਣਾਉਣਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦੁਖਾਉਣ ਵਾਲਾ ਫੈਸਲਾ ਹੈ।

Scroll to Top