
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦਾ ਏਜੰਡਾ ਲਾਗੂ ਕਰਨ ਲਈ ਝੋਨੇ ’ਤੇ ਐੱਮਐੱਸਪੀ ਖ਼ਤਮ ਕਰਨ ਦੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਪੰਜਾਹ ਸਾਲ ਪੱਛੜ ਜਾਵੇਗਾ ਤੇ ਇਸ ਦੇ ਖੇਤੀਬਾੜੀ ਅਰਥਚਾਰੇ ਨੂੰ ਵੱਡੀ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਐੱਮਐੱਸਪੀ ਖਤਮ ਕਰ ਕੇ ਪੰਜਾਬ ਵਿੱਚੋਂ ਝੋਨੇ ਦੀ ਪੈਦਾਵਾਰ ਖਤਮ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵੀ ਇਸੇ ਵਾਸਤੇ ਲਿਆਂਦੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚੋਂ ਝੋਨੇ ਦੀ ਪੈਦਾਵਾਰ ਖਤਮ ਕਰਨ ਲਈ ਕੇਂਦਰ ਸਰਕਾਰ ਦੇ ਏਜੰਡੇ ਦੀ ਇੱਕ ਪਾਸੜ ਸਿਫਾਰਸ਼ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਵਿਧਾਇਕਾਂ ਦਾ ਘਿਰਾਓ ਕਰਨ ਤੇ ਉਨ੍ਹਾਂ ਨੂੰ ਇਸ ਸਬੰਧੀ ਸਵਾਲ ਕਰਨ।