AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸੈਂਕੜੇ ਕੰਪਿਊਟਰ ਅਧਿਆਪਕਾਂ ਵੱਲੋਂ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਗਈ। ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਉਲੀਕੇ ਤਿੰਨ ਰੋਜ਼ਾ ਸੰਘਰਸ਼ ਦਾ ਅੱਜ ਆਖ਼ਰੀ ਦਿਨ ਸੀ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅੱਜ ਵੱਡੀ ਤਾਦਾਦ ਵਿੱਚ ਕੰਪਿਊਟਰ ਅਧਿਆਪਕ ਜੇਜੀ ਪੈਲੇਸ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ ਜਿਥੇ ਤਾਇਨਾਤ ਭਾਰੀ ਪੁਲੀਸ ਫੋਰਸ ਵਲੋਂ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਆਵਾਜਾਈ ਠੱਪ ਕਰਕੇ ਸੜਕ ਉਪਰ ਹੀ ਰੋਸ ਧਰਨਾ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ਯੂਨੀਅਨ ਵੱਲੋਂ ਉਲੀਕੀ ਰਣਨੀਤੀ ਤਹਿਤ ਪਹਿਲੇ ਦਿਨ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਆਮ ਲੋਕਾਂ ਨੂੰ ਪਰਚੇ ਵੰਡ ਕੇ ਸਰਕਾਰ ਦੇ ਲਾਰਿਆਂ ਦੀ ਪੋਲ ਖੋਲ੍ਹੀ ਗਈ, ਦੂਜੇ ਦਿਨ ਸਰਕਾਰ ਨੂੰ ਜਗਾਉਣ ਲਈ ਜਾਗੋ ਕੱਢੀ ਗਈ ਅਤੇ ਮੋਮਬੱਤੀ ਮਾਰਚ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਿਛਲੇ ਸਾਲ 15 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ’ਤੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਸਾਰੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੀਆਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਵਿੱਚ ਲਾਰੇ ਹੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ’ਤੇ ਲਾਗੂ ਨਹੀਂ ਕੀਤੇ ਗਏ, 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਨਹੀਂ ਦਿੱਤੀ ਗਈ ਅਤੇ ਆਸ਼ਰਿਤ ਪਰਿਵਾਰ ਨੂੰ ਨੌਕਰੀ ਨਹੀਂ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਯੂਨੀਅਨ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 25 ਅਕਤੂਬਰ ਨੂੰ ਚੰਡੀਗੜ੍ਹ ਵਿਚ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਧਰਨਾ ਸਮਾਪਤ ਹੋਇਆ।

Leave a Comment

Your email address will not be published. Required fields are marked *

Scroll to Top