AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਗ਼ਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਪੁੱਜੇ। ਉਨ੍ਹਾਂ ਇੱਥੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਦੀ ਜਾਂਚ ਕੀਤੀ। ਮੁੱਖ ਮੰਤਰੀ ਨੇ ਸ਼ਾਮ ਨੂੰ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਜਾਂਚ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ ਸਿਆਸੀ ਤੌਰ ’ਤੇ ਮੁਆਫ਼ੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਸ੍ਰੀ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਆਰਡੀਐੱਫ਼, ਐੱਨਐੱਚਐੱਮ ਅਤੇ ਹੋਰ ਫ਼ੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜੋ ਪੂਰੀ ਤਰ੍ਹਾਂ ਗਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਲਤਫ਼ਹਿਮੀ ਹੈ ਕਿ ਉਹ ਫ਼ੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਐੱਸਵਾਈਐੱਲ ਦੇ ਮੁੱਦੇ ’ਤੇ ਕੇਂਦਰੀ ਜਲ ਸਰੋਤ ਮੰਤਰੀ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ ਅਤੇ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਨੇ ਤਹਿਸੀਲ ਕੰਪਲੈਕਸ ਵਿੱਚ ਲੋਕਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਦਫ਼ਤਰਾਂ ਵਿੱਚ ਸਟਾਫ਼ ਮੈਂਬਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਡੀਸੀ ਤੇ ਐੱਸਐੱਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਿਤ ਕਰਨ।

Scroll to Top