AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਪੰਜ ਮੈਂਬਰੀ ਕਮੇਟੀ ਦੇ ਵਖਰੇਵੇਂ ਦੂਰ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਸਰਕਾਰ ਨਾਲ ਅਗਾਂਹ ਤੋਰਨ ਵਾਸਤੇ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚ ਪੈਦਾ ਹੋਏ ਵਖਰੇਵੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਦੂਰ ਹੋ ਗਏ ਹਨ। ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਹਾਂ ਨੂੰ ਪੱਤਰ ਲਿਖ ਕੇ ਆਪਣੇ ਵਖਰੇਵੇਂ ਦੂਰ ਕਰਨ ਅਤੇ ਕਮੇਟੀ ਦੇ ਗਠਨ ਦੇ ਮੰਤਵ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਸ ਕਮੇਟੀ ਦੇ ਮੈਂਬਰਾਂ ਵਿੱਚ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਆਪਸੀ ਵਖਰੇਵੇਂ ਉੱਭਰੇ ਸਨ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਇੱਕ-ਦੂਜੇ ਖਿਲਾਫ਼ ਦੋਸ਼ ਲਾਏ ਗਏ ਸਨ। ਕਮੇਟੀ ਮੈਂਬਰਾਂ ਦਾ ਇਹ ਮਾਮਲਾ ਜਨਤਕ ਹੋਣ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਦੋਹਾਂ ਮੈਂਬਰਾਂ ਨਾਲ ਗੱਲਬਾਤ ਕਰ ਕੇ ਇਸ ਮਾਮਲੇ ਨੂੰ ਸ਼ਾਂਤ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰੀ ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਫੋਨ ਆਇਆ ਸੀ ਅਤੇ ਪੱਤਰ ਵੀ ਭੇਜਿਆ ਗਿਆ ਸੀ। ਇਸੇ ਤਰ੍ਹਾਂ ਦਾ ਪੱਤਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਵੀ ਭੇਜਿਆ ਗਿਆ। ਉਨ੍ਹਾਂ ਜਥੇਦਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਸੀ ਵਖਰੇਵੇਂ ਦੂਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦਾ ਮਾਮਲਾ ਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੇ ਅਹਿਮ ਅਤੇ ਸੰਵੇਦਨਸ਼ੀਲ ਮਾਮਲੇ ਹਨ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸੇ ਤਰ੍ਹਾਂ ਸ੍ਰੀ ਵਲਟੋਹਾ ਨੇ ਵੀ ਜਥੇਦਾਰ ਦੇ ਦਖ਼ਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿੱਚ ਆਪਸੀ ਸਾਰੇ ਵਖਰੇਵੇਂ ਛੱਡ ਦਿੱਤੇ ਹਨ ਤੇ ਇਸ ਸਬੰਧੀ ਸ੍ਰੀ ਕਾਲਕਾ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦਾ ਕੰਮ ਮੁੜ ਲੀਹ ’ਤੇ ਆ ਗਿਆ ਹੈ।

Scroll to Top