AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਜੂਨ ’84 ਦਾ ਹਮਲਾ ਦੁਨੀਆ ਦੇ ਇਤਿਹਾਸ ’ਚ ਕਾਲਾ ਧੱਬਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰ ਕੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰੱਖੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਅਤੇ ਹੋਰਨਾਂ ਸਹਿਯੋਗੀ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਇਨ੍ਹਾਂ ਸਨਮਾਨਿਤ ਸ਼ਖ਼ਸੀਅਤਾਂ ਵਿਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਲਖਵੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ ਅਤੇ ਦਲੀਪ ਸਿੰਘ ਜਗਦੇਵ ਕਲਾਂ ਸ਼ਾਮਲ ਹਨ। ਇਸ ਤੋਂ ਇਲਾਵਾ ਮੌਜੂਦਾ ਸਮੇਂ ਜੇਲ੍ਹਾਂ ’ਚ ਨਜ਼ਰਬੰਦ ਬੇਕਸੂਰ ਸਿੱਖ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਵੀ ਸਨਮਾਨਿਤ ਕੀਤਾ ਗਿਆ। ਸਨਮਾਨਿਤ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਸਰਕਾਰਾਂ ਵੱਲੋਂ ਸਮੇਂ-ਸਮੇਂ ਨਿਸ਼ਾਨੇ ’ਤੇ ਲਿਆ ਜਾਂਦਾ ਰਿਹਾ ਹੈ ਅਤੇ ਇਸ ਦੌਰਾਨ ਸਿੱਖਾਂ ਨਾਲ ਧੱਕੇਸ਼ਾਹੀ ਦੀ ਪੀੜਾ ਕੌਮ ਕਦੇ ਨਹੀਂ ਭੁੱਲ ਸਕਦੀ। ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਰਕਾਰੀ ਹਮਲਾ ਦੁਨੀਆ ਦੇ ਇਤਿਹਾਸ ’ਚ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ ਜਿੱਥੇ ਪਾਵਨ ਗੁਰ-ਅਸਥਾਨਾਂ ਦਾ ਵੱਡਾ ਨੁਕਸਾਨ ਕੀਤਾ ਗਿਆ ਅਤੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ, ਉਥੇ ਹੀ ਵੱਡੀ ਗਿਣਤੀ ’ਚ ਸਿੱਖ ਜੇਲ੍ਹਾਂ ਅੰਦਰ ਵੀ ਬੰਦ ਰੱਖੇ ਗਏ। ਇਸ ਸਮੇਂ ਜੋਧਪੁਰ ਜੇਲ੍ਹ ਵਿਚ ਵੀ 379 ਸਿੱਖਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਤੀਤ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਬੰਦੀਆਂ ਦੇ ਮਾਮਲਿਆਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਦਿਆਂ ਜਿਨ੍ਹਾਂ ਸ਼ਖ਼ਸੀਅਤਾਂ ਨੇ ਅਹਿਮ ਰੋਲ ਨਿਭਾਇਆ ਹੈ, ਉਨ੍ਹਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ।

Scroll to Top