AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਸੂਬਾ ਪੱਧਰੀ ਧਰਨਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਸੂਬਾ ਭਰ ’ਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ’ਤੇ ਧਰਨਾ ਲਾਇਆ। ਆਲ ਇੰਡੀਆ ਟਰੱਕ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਅਜੈ ਸਿੰਗਲਾ, ਆਜ਼ਾਦ ਟੈਕਸੀ ਯੂਨੀਅਨ ਦੇ ਸੂਬਾ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ, ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਪਰਗਟ ਸਿੰਘ ਢਿੱਲੋਂ, ਸੁਰੇਸ਼ ਗੁਪਤਾ ਰਾਜਸਥਾਨ, ਹਰਦੀਪ ਸਿੰਘ ਬਰਨਾਲਾ ਅਤੇ ਹੋਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹ ਢੰਗ ਨਾਲ ਇਹ ਕਾਨੂੰਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਨੂੰ ਖ਼ਤਮ ਕਰਨ ਦੀ ਚਾਲ ਖੇਡੀ ਹੈ ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਕਾਨੂੰਨ ਰੱਦ ਹੋਣ ਤੱਕ ਟਰੱਕ, ਟੈਂਕਰ ਤੇ ਟੈਕਸੀਆਂ ਦੀ ਮੁਕੰਮਲ ਹੜਤਾਲ ਰੱਖੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜਨਰਲ ਸਕੱਤਰ ਅਮਰੀਕ ਸਿੰਘ ਸੀਕਰੀ, ਸੁਖਵਿੰਦਰ ਸਿੰਘ ਸੰਗਰੂਰ, ਇਕਬਾਲ ਸਿੰਘ ਮਾਨਸਾ, ਸੰਦੀਪ ਗਿੱਲ ਤੇ ਰਣਜੀਤ ਸਿੰਘ ਸੋਨੂ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।

Scroll to Top