
‘ਆਪ’ ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਦੇ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਮਿਲਣਾ ਚਾਹੀਦਾ ਹੈ, ਦੇ ਬਿਆਨ ਨੇ ‘ਆਪ’ ਦੀ ਸੂਬਾ ਲੀਡਰਸ਼ਿਪ ਲਈ ਵੱਡੀ ਸਿਰਦਰਦੀ ਖੜ੍ਹੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਥਿਤੀ ਸਪਸ਼ਟ ਕਰਨ ਕਿ ਉਹ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਜਾਂ ਨਹੀਂ। ਚੀਮਾ ਨੇ ਮੁੱਖ ਮੰਤਰੀ ਨੂੰ ਡਾ. ਸੰਦੀਪ ਪਾਠਕ ਤੋਂ ਇਕ ਨਵੰਬਰ ਤੋਂ ਪਹਿਲਾਂ ਅਸਤੀਫ਼ਾ ਲੈਣ ਦੀ ਮੰਗ ਵੀ ਕੀਤੀ ਹੈ। ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ 1 ਨਵੰਬਰ ਨੂੰ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਬਹਿਸ ਕਰਨਾ ਚਾਹੁੰਦੇ ਹਨ ਪਰ ਉਹਨਾਂ ਦੀ ਆਪਣੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਸੂਬੇ ਦੇ ਹਿੱਤਾਂ ’ਤੇ ਸਮਝੌਤਾ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਹਰਿਆਣਾ ਦੀ ਵਕਾਲਤ ਕਰ ਰਹੇ ਹਨ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਹੀ ਠਹਿਰਾ ਕੇ ਦਾਅਵਾ ਕਰ ਰਹੇ ਹਨ ਕਿ ਇਹ ਸਿਰਫ਼ ਸਿਆਸੀ ਮਸਲਾ ਹੈ ਤੇ ਹਰਿਆਣਾ ਨੂੰ ਪਾਣੀ ਮਿਲਣਾ ਚਾਹੀਦਾ ਹੈ। ਚੀਮਾ ਨੇ ਡਾ. ਸੰਦੀਪ ਪਾਠਕ ਦੇ ਬਿਆਨ ਦੀ ਵੀਡਿਓ ਕਲਿੱਪ ਵੀ ਜਾਰੀ ਕੀਤੀ ਹੈ।