
ਕਿਰਤੀ ਕਿਸਾਨ ਯੂਨੀਅਨ ਨੇ ਅੱਜ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐਲ) ਮੁੱਦੇ ’ਤੇ ਸੁਪਰੀਮ ਕੋਰਟ ਦੇ ਹੁਕਮ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੋਗਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬਠਿੰਡਾ, ਸੰਗਰੂਰ, ਪਾਤੜਾਂ, ਸਮਾਣਾ, ਪਟਿਆਲਾ, ਅਜਨਾਲਾ, ਗੁਰਦਾਸਪੁਰ, ਫਿਲੌਰ, ਨਵਾਂ ਸ਼ਹਿਰ, ਤਰਨ ਤਾਰਨ ਅਤੇ ਸੁਲਤਾਨਪੁਰ ਲੋਧੀ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ। ਯੂਨੀਅਨ ਨੇ ਦਿੱਲੀ ਪੁਲੀਸ ਵੱਲੋਂ ਨਿਊਜ਼ਕਲਿੱਕ ਦੇ ਪੱਤਰਕਾਰਾਂ ਖ਼ਿਲਾਫ਼ ਮਾਰੇ ਛਾਪਿਆਂ ਅਤੇ ਕੇਸ ਦਰਜ ਕਰਨ ਵਿਰੁੱਧ ਵੀ ਰੋਸ ਪ੍ਰਗਟਾਇਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਰੋਸ ਪ੍ਰਦਰਸ਼ਨਾਂ ਦੌਰਾਨ ਕਿਹਾ ਹੈ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਫ਼ਾਲਤੂ ਨਹੀਂ ਹੈ। ਯੂਨੀਅਨ ਸਤਲੁਜ ਯਮਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਣ ਦੇਵੇਗੀ। ਜਥੇਬੰਦੀ ਨੇ ਦਿੱਲੀ ਦੀ ਤਰਜ਼ ’ਤੇ ਐੱਸਵਾਈਐੱਲ ਵਿਰੋਧੀ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ। ਯੂਨੀਅਨ ਨੇ ਨਿਊਜ਼ਕਲਿੱਕ ਦੇ ਪੱਤਰਕਾਰਾਂ ਵਿਰੁੱਧ ਯੂਏਪੀਏ ਤਹਿਤ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਐੱਫਆਈਆਰ ਵਿੱਚ ਇਤਿਹਾਸਕ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਸਿਰਜੇ ਗਏ ਮਨਘੜਤ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਿਆ। ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਨਾਮ ’ਤੇ ਰਾਇਪੇਰੀਅਨ ਸਿਧਾਂਤ ਨੂੰ ਅਣਗੌਲਿਆਂ ਕਰ ਕੇ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ। ਪੰਜਾਬ ਵਿੱਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਵੀ ਇਸ ਮਸਲੇ ’ਤੇ ਚੋਣ ਰਾਜਨੀਤੀ ਹੀ ਕੀਤੀ ਹੈ। ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਵੇ ਟੀਮ ਨੇ ਪੰਜਾਬ ਦੀ ਧਰਤੀ ’ਤੇ ਪੈਰ ਧਰਿਆ ਤਾਂ ਉਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ ਨੂੰ ਰਾਇਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਰਾਜਸਥਾਨ ਤੋਂ ਪੰਜਾਬ ਦੇ ਪਾਣੀ ਦੀ ਰਾਇਲਟੀ ਮੰਗਣ ਲਈ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੂੰ ਰਾਜਸਥਾਨ ਅਤੇ ਹਰਿਆਣਾ ਵਿੱਚ ਸਿਆਸੀ ਲਾਹੇ ਲਈ ਕਿਸੇ ਵੀ ਕਿਸਮ ਦੇ ਪੰਜਾਬ ਵਿਰੋਧੀ ਸਮਝੌਤਾਵਾਦੀ ਸਟੈਂਡ ਲੈਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ।