AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪਾਕਿਸਤਾਨ ’ਚ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ ਜਥਾ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਗੁਰਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਇਸ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਸ਼ਨਿਚਰਵਾਰ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ ਅਤੇ 788 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ, ਕਿਉਂਕਿ ਵੀਜ਼ਾ ਨਾ ਮਿਲਣ ਕਾਰਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸਕੱਤਰ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਕਰਨਗੇ। ਜਥਾ 25 ਨਵੰਬਰ ਨੂੰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਉਨ੍ਹਾਂ ਆਖਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ। ਸ੍ਰੋਮਣੀ ਕਮੇਟੀ ਦੇ ਜਥੇ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਜਥੇ ਵੀ ਭਲਕੇ ਅਟਾਰੀ-ਵਾਹਗਾ ਸਰਹੱਦ ਰਸਤੇ ਰਵਾਨਾ ਹੋਣਗੇ। ਇਹ ਸ਼ਰਧਾਲੂ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਮਗਰੋਂ 4 ਦਸੰਬਰ ਨੂੰ ਵਤਨ ਪਰਤ ਆਉਣਗੇ।

Scroll to Top