AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪੁਲੀਸ ਵੱਲੋਂ ਸੱਤ ਨਿਹੰਗ ਸਿੰਘ ਗ੍ਰਿਫ਼ਤਾਰ

ਗੁਰਦੁਆਰਾ ਅਕਾਲ ਬੁੰਗਾ ਸੁਲਤਾਨਪੁਰ ਲੋਧੀ ’ਤੇ ਨਿਹੰਗਾਂ ਦੇ ਇੱਕ ਧੜੇ ਵੱਲੋਂ ਕੀਤੇ ਗਏ ਕਬਜ਼ੇ ਨੂੰ ਖਾਲੀ ਕਰਵਾਉਣ ਸਮੇਂ ਪੁਲੀਸ ਅਤੇ ਨਿਹੰਗਾਂ ਵਿਚਾਲੇ ਚੱਲੀਆਂ ਗੋਲੀਆਂ ਦੌਰਾਨ ਹੋਮਗਾਰਡ ਜਵਾਨ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿੱਚ 7 ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਨਿਹੰਗ ਸਿੰਘਾਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਜਿਹੜੇ ਨਿਹੰਗ ਸਿੰਘਾਂ ’ਤੇ ਪਰਚਾ ਦਰਜ ਕੀਤਾ ਹੈ, ਉਨ੍ਹਾਂ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਮਾਨ ਸਿੰਘ ਵੀ ਸ਼ਾਮਿਲ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਸੁਲਤਾਨਪੁਰ ਲੋਧੀ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਹੈ। ਫੜੇ ਗਏ ਨਿਹੰਗ ਸਿੰਘਾਂ ਬਾਰੇ ਟਿੱਪਣੀ ਕਰਦਿਆਂ ਬਾਬਾ ਮਾਨ ਸਿੰਘ ਨੇ ਪੁਲੀਸ ’ਤੇ ਵਾਅਦੇ ਤੋਂ ਮੁੱਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਬੀਤੇ ਕੱਲ੍ਹ ਸਮਝੌਤਾ ਹੋਇਆ ਸੀ ਤਾਂ ਇਹੀ ਕਿਹਾ ਗਿਆ ਸੀ ਕਿ ਕਿਸੇ ’ਤੇ ਕੋਈ ਪਰਚਾ ਦਰਜ ਨਹੀਂ ਹੋਵੇਗਾ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਹੁਣ ਪੁਲੀਸ ਨੇ ਕੇਸ ਵੀ ਦਰਜ ਕਰ ਲਿਆ ਹੈ ਤੇ 7 ਸਿੰਘਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਬੁੱਢਾ ਦਲ ਪੂਰੇ ਜਲੌਅ ਨਾਲ 28 ਨਵੰਬਰ ਨੂੰ ਮਹੱਲਾ ਵੀ ਕੱਢੇਗਾ ਪਰ ਪੁਲੀਸ ਉਨ੍ਹਾਂ ਨੂੰ ਚਲਾਕੀ ਨਾਲ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਪੁਲੀਸ ਨੇ ਐੱਫਆਈਆਰ ਵਿੱਚ ਦਾਅਵਾ ਕੀਤਾ ਹੈ ਕਿ ਪੁਲੀਸ ਪਾਰਟੀ ਜਦੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਰੱਖਣ ਦੇ ਇਰਾਦੇ ਨਾਲ ਗਸ਼ਤ ਕਰ ਰਹੀ ਸੀ ਤਾਂ ਬੁੱਢਾ ਦਲ ਦੇ ਮੁਖੀ ਬਾਬਾ ਮਾਨ ਸਿੰਘ ਤੇ ਉਨ੍ਹਾਂ ਦੇ 30-40 ਸਾਥੀਆਂ ਨੇ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨਿਹੰਗ ਸਿੰਘਾਂ ਕੋਲ ਕਿਰਪਾਨਾਂ, ਦਾਤਰ ਅਤੇ ਹੋਰ ਮਾਰੂ ਹਥਿਆਰ ਸਨ ਜਿਨ੍ਹਾਂ ਨਾਲ ਪੁਲੀਸ ਪਾਰਟੀ ’ਤੇ ਹਮਲਾ ਕੀਤਾ ਗਿਆ। ਇਸੇ ਦੌਰਾਨ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਸਿਰ ਵਿੱਚ ਗੋਲੀ ਲੱਗ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਧਰ, ਕਿਸੇ ਅਣਜਾਣੇ ਥਾਂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਮਾਨ ਸਿੰਘ ਨੇ ਪੁਲੀਸ ’ਤੇ ਸਮਝੌਤੇ ਤੋਂ ਮੁੱਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਪੁਲੀਸ ਨੇ ਤੜਕੇ ਚਾਰ ਵਜੇ ਗੁਰਦੁਆਰਾ ਵਿੱਚ ਦਾਖ਼ਲ ਹੋ ਕੇ ਹਮਲਾ ਕੀਤਾ ਜਦੋਂ ਕੁਝ ਸਿੰਘ ਇਸ਼ਨਾਨ ਕਰ ਰਹੇ ਸਨ ਤੇ ਕੁਝ ਨਿਤਨੇਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਨਿਹੰਗ ਸਿੰਘਾਂ ’ਤੇ ਝੂਠਾ ਕੇਸ ਦਰਜ ਕੀਤਾ ਹੈ ਤੇ ਉਨ੍ਹਾਂ ਨੂੰ ਜੇ ਪੁਲੀਸ ਗ੍ਰਿਫ਼ਤਾਰ ਕਰਦੀ ਹੈ ਤਾਂ ਉਹ ਵੀ ਪੁਲੀਸ ਨੂੰ ਉਸੇ ਤਰ੍ਹਾਂ ਜਵਾਬ ਦੇਣਗੇ। ਬਾਬਾ ਮਾਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਪੁਲੀਸ ’ਤੇ ਵੀ ਪਰਚਾ ਦਰਜ ਕਰਵਾਉਣਗੇ।ਉਨ੍ਹਾਂ ਕਿਹਾ ਕਿ ਘਟਨਾ ਵੇਲੇ ਵੀ ਉਹ ਆਪਣੇ ਕਮਰੇ ਵਿੱਚ ਸਨ ਜਦ ਕਿ ਪੁਲੀਸ ਦਾਅਵਾ ਕਰ ਰਹੀ ਹੈ ਉਨ੍ਹਾਂ `ਤੇ ਹਮਲਾ ਸਾਡੀ ਅਗਵਾਈ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਘਟਨਾਕ੍ਰਮ ਦੀ ਸਹੀ ਜਾਂਚ ਸੀਬੀਆਈ ਤੋਂ ਹੀ ਹੋ ਸਕਦੀ ਹੈ।

Scroll to Top