AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਅੱਜ ਦੁਪਹਿਰ ਵੇਲੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਾਲੀ ਪਾਲਕੀ ਇੱਕ ਬੱਸ ਵਿੱਚ ਸੁਸ਼ੋਭਿਤ ਕੀਤੀ ਗਈ ਸੀ, ਜਿਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਫੁੱਲਾਂ ਨਾਲ ਲੱਦੀ ਇਹ ਬੱਸ ਖਿੱਚ ਦਾ ਕੇਂਦਰ ਬਣੀ ਹੋਈ ਸੀ ਅਤੇ ਸੰਗਤ ਪਾਵਨ ਸਰੂਪ ਨੂੰ ਨਤਮਸਤਕ ਹੋ ਰਹੀ ਸੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਦਾ ਹੋਇਆ ਮੁੜ ਗੁਰਦੁਆਰੇ ਆ ਕੇ ਸੰਪੂਰਨ ਹੋਇਆ। ਇਸ ਦੌਰਾਨ ਬਾਜ਼ਾਰਾਂ ਵਿੱਚ ਸੜਕ ਉਪਰ ਲਾਲ ਗਲੀਚਾ ਵਿਛਾਇਆ ਹੋਇਆ ਸੀ। ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਅਲੌਕਿਕ ਨਜ਼ਾਰਾ ਬਣਿਆ ਹੋਇਆ ਸੀ। ਜਾਣਕਾਰੀ ਅਨੁਸਾਰ ਅੱਜ ਦੇ ਮੁੱਖ ਸਮਾਗਮ ਵਿੱਚ ਪਾਕਿਸਤਾਨ ਔਕਾਫ ਬੋਰਡ ਦੇ ਉੱਚ ਅਧਿਕਾਰੀ ਅਤੇ ਪੀਐੱਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਸਾਬਕਾ ਪ੍ਰਧਾਨ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਲ ਸਨ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਲਈ ਭਾਰਤ ਤੋਂ ਪੁੱਜੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ ਅਤੇ ਸੰਗਤ ਨੂੰ ਇਸ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਸੀ। ਸ਼ਾਮ ਨੂੰ ਆਤਿਸ਼ਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਵੀ ਲਗਪਗ 2000 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ ਹੋਇਆ ਹੈ। ਇਹ ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਪਾਕਿਸਤਾਨ ਆਏ ਹਨ। ਜਥੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ, ਕਾਰ ਸੇਵਾ ਸੰਪਰਦਾ ਖਡੂਰ ਸਾਹਿਬ ਖਾਲੜਾ ਮਿਸ਼ਨ ਕਮੇਟੀ, ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਹਰਿਆਣਾ, ਜੰਮੂ, ਇੰਦੌਰ ਆਦਿ ਦੇ ਸ਼ਰਧਾਲੂ ਸ਼ਾਮਿਲ ਸਨ। ਭਾਰਤੀ ਸਿੱਖ ਜਥਾ ਗੁਰਦੁਆਰਾ ਜਨਮ ਅਸਥਾਨ ਤੋਂ ਇਲਾਵਾ ਨਨਕਾਣਾ ਸਾਹਿਬ ਸਥਿਤ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਉਪਰੰਤ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨ ਕਰੇਗਾ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਲਾਹੌਰ ਤੋਂ ਜਥਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰਕੇ ਲਾਹੌਰ ਵਾਪਸ ਵਤਨ ਪਰਤ ਆਵੇਗਾ ਅਤੇ ਲਾਹੌਰ ਤੋਂ 4 ਦਸੰਬਰ ਨੂੰ ਸਿੱਖ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇਗਾ।

Scroll to Top