AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪੰਜਾਬ ਤੇ ਹਰਿਆਣਾ ’ਚ ਡੀਸੀ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਗਰਜੇ ਕਿਸਾਨ

ਉੱਤਰ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੋਵੇਂ ਸੂਬਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅਤੇ ਐੱਸਡੀਐੱਮ ਸਮੇਤ 50 ਤੋਂ ਵੱਧ ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਧਰਨਿਆਂ ਦੌਰਾਨ ਬੁਲਾਰਿਆਂ ਨੇ ਸਰਕਾਰਾਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਰਨ ਦੀ ਥਾਂ ਸਰਕਾਰਾਂ ਮੀਡੀਆ ਰਾਹੀਂ ਕਿਸਾਨ ਨੂੰ ਵਾਤਾਵਰਨ ਦਾ ਦੋਖੀ ਬਣਾ ਕੇ ਪੇਸ਼ ਕਰ ਰਹੀਆਂ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਪਰਾਲੀ ਸਾੜਨ ’ਤੇ ਪਾਏ ਗਏ ਜੁਰਮਾਨੇ, ਪਰਚੇ ਤੇ ਰੈੱਡ ਐਂਟਰੀਆਂ ਰੱਦ ਕੀਤੀਆਂ ਜਾਣ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਾਸਪੋਰਟ ਤੇ ਹਥਿਆਰਾਂ ਦੇ ਲਾਇਸੈਂਸ ਤੇ ਹੋਰ ਸਰਕਾਰੀ ਸਹੂਲਤਾਂ ਰੱਦ ਕਰਨ ਵਰਗੇ ਤੁਗ਼ਲਕੀ ਫ਼ਰਮਾਨ ਵਾਪਸ ਲਏ ਜਾਣ। ਇਸ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਲੋਕ ਮਾਰੂ ਤੇ ਪ੍ਰਾਈਵੇਟ ਵਪਾਰੀਆਂ ਦੇ ਹੱਥੀਂ ਕਥਿਤ ਤੌਰ ’ਤੇ ਬਿਜਲੀ ਵਿਭਾਗ ਵੇਚਣ ਦੀ ਨੀਅਤ ਨਾਲ ਲਿਆਂਦੀ ਗਈ ਨੀਤੀ ਤਹਿਤ ਧੱਕੇ ਨਾਲ ਲਾਏ ਜਾ ਰਹੇ ਨਵੇਂ ਕੁਨੈਕਸ਼ਨ ਤੇ ਖਰਾਬ ਹੋਏ ਮੀਟਰਾਂ ਦੀ ਥਾਂ ਪ੍ਰੀ-ਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ ਤੇ ਔਸਤ ਆਧਾਰ ’ਤੇ ਬਿੱਲ ਭੇਜ ਕੇ ਉਨ੍ਹਾਂ ਦੀ ਲੁੱਟ ਬੰਦ ਕੀਤੀ ਜਾਵੇ।

Scroll to Top