
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਬਹਿਸ ਕਰਨ ਲਈ ਖੁੱਲ੍ਹਾ ਸੱਦਾ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਹਿੱਤਾਂ, ਕਿਸਾਨਾਂ ਤੇ ਨੌਜਵਾਨਾਂ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਦੋਂਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਹੀ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਪੰਜਾਬ ਅੱਜ ਤੱਕ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰੀਆਂ ਸਿਆਸੀ ਧਿਰਾਂ ਵੱਲੋਂ ਪੰਜਾਬ ਦੇ ਹੱਕਾਂ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ‘ਆਪ’ ਸਰਕਾਰ ਐੱਸਵਾਈਐੱਲ ਅਤੇ ਪੰਜਾਬ ਦੇ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐੱਸਵਾਈਐੱਲ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਨਾ ਹੀ ਹਰਿਆਣਾ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਕਾਂਗਰਸੀ ਹੋਣ ਦੇ ਨਾਤੇ ਇਹ ਕਹਿੰਦੇ ਸਨ ਕਿ ਪ੍ਰਧਾਨ ਮੰਤਰੀ ਇਸ ਮੁੱਦੇ ਨੂੰ ਹੱਲ ਕਰ ਸਕਦੇ ਹਨ ਪਰ ਉਹ ਪੰਜਾਬ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮੁੱਦਾ ਹੱਲ ਕਰਨ ਲਈ ਕਿਉਂ ਨਹੀਂ ਕਹਿ ਰਹੇ। ਕੰਗ ਨੇ ਕਿਹਾ ਕਿ ‘ਆਪ’ ਕੋਲ ਛੁਪਾਉਣ ਲਈ ਕੁਝ ਨਹੀਂ ਹੈ, ਕਿਉਂਕਿ ਉਨ੍ਹਾਂ ਦੀ ਸਰਕਾਰ ਡੇਢ ਸਾਲ ਪਹਿਲਾਂ ਹੀ ਬਣੀ ਹੈ। ਹੁਣ ਉਹ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਦੇ ਦੋਹਰੇ ਚਿਹਰੇ ਬੇਨਕਾਬ ਕਰ ਕੇ ਰਹਿਣਗੇ।