AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਸਤਾਈ ਸਾਲਾਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਤੋਂ ਰੋਟੀ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਮੰਗ ਹੈ ਕਿ 12 ਸਾਲ ਪਹਿਲਾਂ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਰਹਿਮ ਦੀ ਅਪੀਲ ’ਤੇ ਆਧਾਰਿਤ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਪਸ ਲਵੇ। ਉਂਜ ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਵਾਪਰੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਸਬੰਧੀ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਨੂੰਨੀ ਚਾਰਾਜੋਈ ਨਹੀਂ ਕੀਤੀ ਗਈ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਇਹ ਫਾਈਲ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਬੀਤੇ 12 ਸਾਲਾਂ ਤੋਂ ਅਟਕੀ ਪਈ ਹੈ। ਰਾਜੋਆਣਾ ਨੂੰ ਸ਼ਿਕਵਾ ਹੈ ਕਿ ਇਸ ਪਟੀਸ਼ਨ ਦਾ ਨਿਪਟਾਰਾ ਕਰਾਉਣ ਲਈ ਅਕਾਲੀ ਦਲ ਦੇ ਆਗੂਆਂ ਸਮੇਤ ਸਿੱਖ ਸੰਸਥਾਵਾਂ ਵੱਲੋਂ ਢੁੱਕਵੀਂ ਭੂਮਿਕਾ ਅਦਾ ਨਹੀਂ ਕੀਤੀ ਗਈ।ਇਕ ਅਹਿਮ ਜਾਣਕਾਰੀ ਅਨੁਸਾਰ ਰਾਜੋਆਣਾ ਨਾਲ ਉਸ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਅੱਜ ਦੁਪਹਿਰ ਵੇਲੇ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਨਵਾਂ ਪੱਤਰ ਲਿਖਿਆ ਗਿਆ ਹੈ ਤੇ ਇਹ ਪੱਤਰ ਉਹ ਸਿੰਘ ਸਾਹਿਬ ਨੂੰ ਹੀ ਸੌਂਪਣਗੇ। ਬੀਬੀ ਕਮਲਦੀਪ ਦਾ ਕਹਿਣਾ ਸੀ ਕਿ ਇਹ ਦੇਸ਼ ਦਾ ਇਕਲੌਤਾ ਮਾਮਲਾ ਹੈ, ਜਿਸ ਦੌਰਾਨ ਕੋਈ ਫਾਂਸੀਯਾਫਤਾ ਕੈਦੀ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੋਵੇ ਤੇ ਰਹਿਮ ਦੀ ਅਪੀਲ 12 ਸਾਲਾਂ ਤੋਂ ਲਟਕ ਰਹੀ ਹੋਵੇ।

ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਨੇ ਅਕਾਲੀ ਦਲ ਦੇ ਵਫਦ ਦੀ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਵਾਉਣ ਦੇ ਕਾਰਨਾਂ ਬਾਰੇ ਝੂਠ ਬੋਲਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਕਾਲੀ ਦਲ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਪਾਰਟੀ ਦੇ ਵਫਦ ਦੀ ਮੁਲਾਕਾਤ ਵਾਸਤੇ ਬਕਾਇਦਾ ਕਾਨੂੰਨੀ ਪ੍ਰਕਿਰਿਆ ਅਪਣਾਈ ਸੀ। ਅਕਾਲੀ ਦਲ ਨੂੰ ਉਸੇ ਤਰੀਕੇ ਨਾਲ ਮੁਲਾਕਾਤ ਲਈ ਸਮਾਂ ਮਿਲਿਆ ਜਿਵੇਂ ਏਡੀਜੀਪੀ (ਜੇਲ੍ਹਾਂ) ਨੇ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿੱਤੀ ਸੀ।

Scroll to Top