AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੰਦੀ ਸਿੰਘਾਂ ਦਾ ਮਸਲਾ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਚੰਡੀਗੜ੍ਹ ਵਿੱਚ ਸ੍ਰੀ ਕਲਗੀਧਰ ਨਿਵਾਸ ’ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੌਜੂਦ ਸ਼ਖ਼ਸੀਅਤਾਂ ਨੇ ਬੰਦੀ ਸਿੰਘਾਂ ਦੇ ਮਸਲੇ ਨੂੰ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਚ ਕੌਮੀ ਤੇ ਮਨੁੱਖੀ ਦਰਦ ਰੱਖਣ ਵਾਲਿਆਂ ਦੀ ਮੀਟਿੰਗ ਵੀ ਜਲਦੀ ਕੀਤੀ ਜਾਵੇਗੀ, ਜਿਸ ਵਿੱਚ ਇਕੱਲੇ ਸਿੱਖ ਹੀ ਨਹੀਂ ਸਗੋਂ ਹਰ ਧਰਮ ਨਾਲ ਸਬੰਧਤ ਲੋਕ ਸ਼ਾਮਲ ਹੋਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਹਾਜ਼ਰ ਬੁੱਧੀਜੀਵੀਆਂ ਤੇ ਵਕੀਲਾਂ ਨੇ ਗੰਭੀਰਤਾ ਨਾਲ ਆਪਣੇ ਵਿਚਾਰ ਦਿੱਤੇ ਹਨ, ਜਿਸ ਦੀ ਪੜਚੋਲ ਕਰ ਕੇ ਸ਼੍ਰੋਮਣੀ ਕਮੇਟੀ ਅਗਲੀ ਰਣਨੀਤੀ ਦਾ ਇੱਕ ਦਸਤਾਵੇਜ਼ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪ੍ਰੋਗਰਾਮ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਸਰਗਰਮ ਪ੍ਰਚਾਰ ਲਹਿਰ ਸ਼ੁਰੂ ਕੀਤੀ ਜਾਵੇਗੀ, ਜਿਸ ’ਚ ਦੁਨੀਆ ਤੇ ਸਰਕਾਰਾਂ ਨੂੰ ਇਹ ਦੱਸਿਆ ਜਾਵੇਗਾ ਕਿ ਸਿੱਖ ਬੰਦੀ ਕੋਈ ਪੇਸ਼ੇਵਰ ਅਪਰਾਧੀ ਨਹੀਂ ਸਨ, ਸਗੋਂ ਇਨ੍ਹਾਂ ਨੇ ਕੌਮ ’ਤੇ ਜ਼ੁਲਮ ਵਿਰੁੱਧ ਭਾਵਨਾਵਾਂ ਦੇ ਵਹਿਣ ਵਿੱਚ ਵਹਿ ਕੇ ਕਦਮ ਚੁੱਕੇ ਸਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਹਰ ਮੰਚ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਸ੍ਰੀ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਕੇਸਾਂ ਦਾ ਇੱਕ ਖਰੜਾ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਫਾਂਸੀ ਜਾਂ ਉਮਰ ਕੈਦ ਦੀਆਂ ਸਜ਼ਾਵਾਂ ਵਾਲੇ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋਈ ਹੈ। ਇਹ ਜਾਣਕਾਰੀ ਇਕੱਠੀ ਕਰ ਕੇ ਸਰਕਾਰਾਂ, ਅਦਾਲਤਾਂ ਤੇ ਮਨੁੱਖੀ ਅਧਿਕਾਰਾਂ ਲਈ ਕਾਰਜਸ਼ੀਲ ਸੰਸਥਾਵਾਂ ਤੱਕ ਪਹੁੰਚ ਕਰੇਗੀ। ਇਸ ਕਾਰਜ ਲਈ ਸੀਨੀਅਰ ਵਕੀਲਾਂ ਤੇ ਦੇਸ਼ ਭਰ ’ਚ ਮਾਨਵੀ ਹਿੱਤਾਂ ਦੀ ਰਖਵਾਲੀ ਕਰਨ ਵਾਲੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਲਦੀ ਹੀ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾਵੇਗੀ।

Scroll to Top