AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੰਦੀ ਸਿੰਘਾਂ ਦੀ ਰਿਹਾਈ: ਪੱਕੇ ਮੋਰਚੇ ਵੱਲੋਂ ਸੱਤ ਨੂੰ ਪੰਥਕ ਸੰਮੇਲਨ ਕਰਨ ਦਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਣੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ ਅਤੇ ਹੋਰਨਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਨਸਾਫ਼ ਪਸੰਦ ਲੋਕ ਪਿਛਲੇ ਇੱਕ ਸਾਲ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਪਰ ਹੁਕਮਰਾਨਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਇਸ ਕਾਰਨ 7 ਜਨਵਰੀ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਵਿਸ਼ਾਲ ਪੰਥਕ ਸੰਮੇਲਨ ਕੀਤਾ ਜਾਵੇਗਾ। ਆਗੂਆਂ ਨੇ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ 7 ਜਨਵਰੀ ਨੂੰ ਸਾਲ ਪੂਰਾ ਹੋਣ ’ਤੇ ਪੱਕੇ ਮੋਰਚੇ ਵਾਲੀ ਥਾਂ ਏਕੇ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ 11 ਜਨਵਰੀ ਨੂੰ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਸਮੇਂ ਦੀਆਂ ਸਰਕਾਰਾਂ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਕੌਮੀ ਇਨਸਾਫ਼ ਮੋਰਚੇ ਦੀਆਂ ਜਾਇਜ਼ ਮੰਗਾ ਨਾ ਮੰਨਣ ਦੇ ਰੋਸ ਵਜੋਂ ਬਾਪੂ ਲਾਭ ਸਿੰਘ ਵੱਲੋਂ ਵਾਈਪੀਐਸ ਚੌਕ ’ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਉਧਰ ਰੋਜ਼ਾਨਾ ਵਾਂਗ 31 ਮੈਂਬਰੀ ਜਥੇ ਨੇ ਮੁੱਖ ਮੰਤਰੀ ਦੀ ਕੋਠੀ ਵੱਲ ਪ੍ਰਦਰਸ਼ਨ ਕੀਤਾ ਪਰ ਪੁਲੀਸ ਨੇ ਬੈਰੀਕੇਡ ਲਗਾ ਕੇ ਰਸਤੇ ਵਿੱਚ ਹੀ ਕਾਫ਼ਲਾ ਰੋਕ ਦਿੱਤਾ।

Scroll to Top