AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਾਰਾਜੋਈ

ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਅਗਲੀ ਰਣਨੀਤੀ ਉਲੀਕਣ ਦੀ ਤਿਆਰੀ ਆਰੰਭ ਕਰ ਦਿੱਤੀ ਹੈ ਤੇ ਇਸ ਸਬੰਧ ਵਿੱਚ ਸਿੱਖ ਵਿਦਵਾਨਾਂ, ਸਿੱਖ ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ 25 ਨਵੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ। ਬੰਦੀ ਸਿੱਖਾਂ ਦੀ ਰਿਹਾਈ ਲਈ ਰਣਨੀਤੀ ਉਲੀਕਣ ਦਾ ਫ਼ੈਸਲਾ ਲੰਘੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੱਜੀ ਤੌਰ ’ਤੇ ਅਹਿਮ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਅਤੇ ਸਿੱਖ ਕਾਨੂੰਨੀ ਮਾਹਿਰਾਂ ਕੋਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਅਗਲੇਰੀ ਕਾਨੂੰਨੀ ਚਾਰਾਜੋਈ ਅਤੇ ਸੰਘਰਸ਼ ਦੀ ਰਣਨੀਤੀ ਬਾਰੇ ਰਾਇ ਲਵੇਗੀ। ਇਸ ਮਗਰੋਂ ਸਿੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਦੀ ਰਾਏ ਨੂੰ ਰੱਖਿਆ ਜਾਵੇਗਾ ਅਤੇ ਇਸ ਉਪਰੰਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾਲ ਕੋਈ ਸਾਂਝਾ ਪ੍ਰੋਗਰਾਮ ਉਲੀਕਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੀਤ ਸਕੱਤਰ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਭੇਜੇ ਗਏ ਹਨ ਅਤੇ ਉਹ ਇਸ ਮੀਟਿੰਗ ਦੀ ਅਗਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਅਤੇ ਹੋਰ ਸੂਬਾ ਸਰਕਾਰਾਂ ਨੂੰ ਵੀ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਉਨ੍ਹਾਂ ਦੇ ਹੋਰ ਵੇਰਵੇ ਭੇਜੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਸਾਰੇ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਦੀ ਨਿਰਧਾਰਿਤ ਮਿਆਦ ਪੂਰੀ ਕਰ ਚੁੱਕੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਇੱਕ ਦਸਤਖ਼ਤ ਮੁਹਿੰਮ ਚਲਾਈ ਸੀ ਜਿਸ ਤਹਿਤ ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਸਨ। ਇਹ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਪੇ ਗਏ ਹਨ ਤਾਂ ਜੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸਿੱਖ ਜਗਤ ਦੀ ਮੰਗ ਵਜੋਂ ਰਾਸ਼ਟਰਪਤੀ ਕੋਲ ਭੇਜੇ ਜਾ ਸਕਣ। ਇਸੇ ਮਾਮਲੇ ਵਿੱਚ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਠੋਸ ਯਤਨ ਕਰਨ ਲਈ ਕਿਹਾ ਗਿਆ ਸੀ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣ ਵਾਸਤੇ ਵੀ ਯਤਨ ਤੇਜ਼ ਕਰਨ ਲਈ ਕਿਹਾ ਗਿਆ। ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਰਾਜਪਾਲ ਨੂੰ ਵੀ ਅਪੀਲ ਕੀਤੀ ਗਈ ਹੈ ਅਤੇ ਕਮੇਟੀ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਵੀ ਯਤਨਸ਼ੀਲ ਹੈ।

Scroll to Top