AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਯਤਨ ਤੇਜ਼ ਕਰਨ: ਜਥੇਦਾਰ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਖਿਆਨ ਰਾਹੀ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੇ 17 ਸਾਲਾਂ ਤੋਂ ਜੇਲ੍ਹ ਦੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਕਰ ਗਈ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਹਨ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁੱਟਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਸਿੱਖਾਂ ਨੂੰ ਇਨਸਾਫ਼ ਦੇਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਵੀ ਸੱਦੇ। ਉਨ੍ਹਾਂ ਦਿੱਲੀ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪਣੇ ਅਸਲ ਰਸੂਖ ਅਤੇ ਨੇੜਲੇ ਸਬੰਧਾਂ ਦੀ ਵਰਤੋਂ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭਾਈ ਰਾਜੋਆਣਾ ਸਬੰਧੀ ਅਪੀਲ ’ਤੇ ਫੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜੇ।

Scroll to Top