
ਇੱਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਵੀ ਪੁੱਜੇ ਹੋਏ ਸਨ। ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ’ਤੇ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਸਰਕਾਰਾਂ ਦੇ ਦੋਹਰੇ ਮਾਪਦੰਡ ਕਾਰਨ ਉਨ੍ਹਾਂ ਨੂੰ ਅੱਜ ਵੀ ਜੇਲ੍ਹਾਂ ਵਿੱਚ ਰਹਿ ਕੇ ਬੇਇਨਸਾਫੀ ਝੱਲਣੀ ਪੈ ਰਹੀ ਹੈ। ਇਸ ਦੌਰਾਨ ਸ੍ਰੀ ਬਡੂੰਗਰ ਨੇ ਬੰਦੀ ਛੋੜ ਦਿਵਸ ਮਨਾਉਣ ਬਾਰੇ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ। ਉਨ੍ਹਾਂ ਛੇਵੇਂ ਗੁਰੂ ਹਰਗੋਬਿੰਦ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।