
‘ਆਪ’ ਪੰਜਾਬ ਨੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ’ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ। ਇਹ ਲੋਕ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਮਗਰਮੱਛ ਦੇ ਹੰਝੂ ਕੇਰ ਰਹੇ ਹਨ। ਪਾਰਟੀ ਦੇ ਬੁਲਾਰੇ ਅਹਬਿਾਬ ਗਰੇਵਾਲ ਨੇ ਕਿਹਾ ਕਿ ਜੇ ਸੁਨੀਲ ਜਾਖੜ ਤੇ ਭਾਜਪਾ ਆਗੂ ਪੰਜਾਬ ਪ੍ਰਤੀ ਫਿਕਰਮੰਦ ਹੁੰਦੇ ਤਾਂ ਪੰਜਾਬ ਦੇ ਐੱਨਐੱਚਐੱਮ ਫੰਡ, ਪੇਂਡੂ ਵਿਕਾਸ ਫੰਡ ਤੇ ਐਮਰਜੈਂਸੀ ਫੰਡ ਰੋਕਣ ਦਾ ਮੁੱਦਾ ਕੇਂਦਰ ਕੋਲ ਜ਼ਰੂਰ ਚੁੱਕਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 9,000 ਕਰੋੜ ਰੁਪਏ ਦੇ ਕੇਂਦਰੀ ਫੰਡ ਰੋਕ ਲਏ ਹਨ, ਪਰ ਪੰਜਾਬ ਭਾਜਪਾ ਦੇ ਆਗੂਆਂ ਨੇ ਇਸ ਵਿਰੁੱਧ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ 9 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਪਰ ਅੱਜ ਤੱਕ ਕਿਸੇ ਵੀ ਭਾਜਪਾ ਆਗੂ ਨੇ ਮੋਦੀ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਨਹੀਂ ਕੀਤੀ।