AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਭਾਜਪਾ ਨੇ ਮੱਧ ਪ੍ਰਦੇਸ਼ ਨੂੰ ਰੱਜ ਕੇ ਲੁੱਟਿਆ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਅੱਜ ‘ਆਪ’ ਉਮੀਦਵਾਰਾਂ ਦੇ ਨਾਲ ਬੁੰਦੇਲਖੰਡ ਖੇਤਰ ਦੇ ਵਿਧਾਨ ਸਭਾ ਹਲਕਾ ਮਹਾਰਾਜਪੁਰ, ਛਤਰਪੁਰ ਨਗਰ ਤੇ ਬਿਜਾਵਰ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦਿੱਲੀ ਅਤੇ ਪੰਜਾਬ ’ਚ ਕੰਮ ਕੀਤਾ ਹੈ, ਉਸੇ ਤਰ੍ਹਾਂ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਨ ਤੋਂ ਬਾਅਦ ਕੀਤਾ ਜਾਵੇਗਾ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ, ਮੁਹੱਲਾ ਕਲੀਨਿਕ ਬਣਾਏ ਜਾਣਗੇ ਤੇ ਬੱਚਿਆਂ ਲਈ ਚੰਗੇ ਸਰਕਾਰੀ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਦੀ ਗਾਰੰਟੀ ਭਾਜਪਾ ਵਾਂਗ ਜੁਮਲਾ ਨਹੀਂ ਹੁੰਦੀ। ‘ਆਪ’ ਜੋ ਵਾਅਦੇ ਕਰਦੀ ਹੈ, ਉਸ ਨੂੰ ਪੂਰੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਉਦੇਸ਼ ਹੈ ਕਿ ਕਿਸੇ ਵੀ ਵਿਅਕਤੀ ਨੂੰ ਦੋ ਵਕਤ ਦੀ ਰੋਟੀ ਲਈ ਸੋਚਣਾ ਨਾ ਪਵੇ। ਲੋਕਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਇਲਾਜ ਲਈ ਪੈਸੇ ਦੇਣ ਲਈ ਮਜਬੂਰ ਨਾ ਹੋਣਾ ਪਵੇ। ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜਦੋਂ ਚੰਗੀ ਸਿੱਖਿਆ ਤੇ ਚੰਗੀ ਡਾਕਟਰੀ ਸਹੂਲਤਾਂ ਮੁਫ਼ਤ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਭਾਜਪਾ ਤੇ ਕਾਂਗਰਸ ’ਤੇ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਬਣਾਉਣ ਤੋਂ ਬਾਅਦ ਦੋਵੇਂ ਪਾਰਟੀਆਂ ਸਾਢੇ ਚਾਰ ਸਾਲ ਲੋਕਾਂ ਨੂੰ ਲੁੱਟਦੀਆਂ ਹਨ ਤੇ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਕੋਈ ਨਾ ਕੋਈ ਕੰਮ ਕਰਕੇ ਲੋਕਾਂ ਨੂੰ ਮੂਰਖ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੇ 200 ਸਾਲ ਮਿਲ ਕੇ ਭਾਰਤ ਨੂੰ ਲੁੱਟਿਆ ਜਦਕਿ ਕਾਂਗਰਸ ਤੇ ਭਾਜਪਾ ਪੰਜ-ਪੰਜ ਸਾਲ ਦੀਆਂ ਕਿਸ਼ਤਾਂ ਵਿੱਚ ਦੇਸ਼ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੱਧ ਪ੍ਰਦੇਸ਼ ’ਚ ਆਪਣੇ 18 ਸਾਲਾਂ ਦੇ ਸ਼ਾਸਨ ਦੌਰਾਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਹੈ। ਇਨ੍ਹਾਂ ਲੋਕਾਂ ਨੇ ਮੱਧ ਪ੍ਰਦੇਸ਼ ਦਾ ਖਜ਼ਾਨਾ ਲੁੱਟ ਕੇ ਆਪਣੇ ਖਜ਼ਾਨਾ ਭਰਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਲੋਕ ਹਿੱਤ ’ਚ ਕੰਮ ਕਰਦੀ ਹੈ।

Scroll to Top