AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਮਜੀਠੀਆ ਵੱਲੋਂ ਭਗਵੰਤ ਮਾਨ ’ਤੇ ਬੱਚਿਆਂ ਦੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਅਤੇ ਪਹਿਲੀ ਪਤਨੀ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਸਾਂਝੀ ਕਰਦਿਆਂ ਭਗਵੰਤ ਮਾਨ ’ਤੇ ਆਪਣੇ ਬੱਚਿਆਂ ਦੀ ਜ਼ਿੰਮੇਵਾਰੀ ਤੋਂ ਭੱਜਣ ਦੇ ਦੋਸ਼ ਲਗਾਏ ਹਨ। ਸ੍ਰੀ ਮਜੀਠੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਦੋਵੇਂ ਬੱਚਿਆਂ ਪ੍ਰਤੀ ਜ਼ਿੰਮੇਵਾਰੀ ਨਿਭਾਉਣ ’ਚ ਅਸਫ਼ਲ ਰਹੇ ਹਨ ਤਾਂ ਉਨ੍ਹਾਂ ਦੀ ਥਾਂ ਉਹ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਸ੍ਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਗ਼ਲਤੀ ਸੁਧਾਰਦੇ ਹੋਏ ਬੱਚਿਆਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਆਪਣੇ ਦਾਦਾ ਸਰਦਾਰ ਸੁਰਜੀਤ ਸਿੰਘ ਮਜੀਠੀਆ ਬਾਰੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਦੇ ਜਵਾਬ ਵਿੱਚ ਸ੍ਰੀ ਮਜੀਠੀਆ ਨੇ ਕਿਹਾ ਕਿ ਸੱਚ ਇਹ ਹੈ ਕਿ ਉਨ੍ਹਾਂ ਦੇ ਦਾਦਾ ਜੀ ਨੂੰ 1947 ਵਿੱਚ ਨੇਪਾਲ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਸੀ, ਜਿਸ ਮਗਰੋਂ ਉਹ ਦੋ ਸਾਲ ਰਾਜਦੂਤ ਰਹੇ। ਫਿਰ 1952 ਵਿੱਚ ਹੋਈਆਂ ਚੋਣਾਂ ਮਗਰੋਂ ਉਹ ਕੇਂਦਰੀ ਵਜ਼ਾਰਤ ਦਾ ਹਿੱਸਾ ਬਣੇ। ਇਸ ਤੋਂ ਪਹਿਲਾਂ ਮਜੀਠੀਆ ਨੇ ਮੁੱਖ ਮੰਤਰੀ ਦੀ ਪਹਿਲੀ ਪਤਨੀ ਇੰਦਰਪ੍ਰੀਤ ਗਰੇਵਾਲ ਦੀ ਸੋਸ਼ਲ ਮੀਡੀਆ ਪੋਸਟ ਦਿਖਾਈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਆਪਣੇ ਦੋਵੇਂ ਬੱਚਿਆਂ ਦੀ ਜ਼ਿੰਮੇਵਾਰੀ ਨਿਭਾਉਣ ’ਚ ਅਸਫ਼ਲ ਰਹੇ ਹਨ। ਇਸ ਪੋਸਟ ਵਿੱਚ ਇੰਦਰਪ੍ਰੀਤ ਨੇ ਕਿਹਾ ਹੈ ਕਿ ਉਹ ਹਮੇਸ਼ਾ ਰਾਜਨੀਤੀ ਤੋਂ ਦੂਰ ਰਹੇ ਹਨ ਪਰ ਹੁਣ ਮੁੱਖ ਮੰਤਰੀ ਦੇ ਖ਼ਿਲਾਫ਼ ਇਸ ਕਰ ਕੇ ਬੋਲ ਰਹੇ ਹਨ ਕਿਉਂਕਿ ਚੁੱਪ ਰਹਿਣਾ ਉਨ੍ਹਾਂ ਦੀ ਕਮਜ਼ੋਰੀ ਸਮਝਿਆ ਜਾਵੇਗਾ। ਇੰਦਰਪ੍ਰੀਤ ਨੇ ਪੋਸਟ ਵਿੱਚ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਲਈ ਆਪਣਾ ਪਰਿਵਾਰ ਛੱਡਣ ਦਾ ਡਰਾਮਾ ਕੀਤਾ, ਜੇਕਰ ਅਜਿਹਾ ਹੁੰਦਾ ਤਾਂ ਉਹ ਨਵਾਂ ਪਰਿਵਾਰ ਨਾ ਬਣਾਉਂਦੇ। ਅਕਾਲੀ ਆਗੂ ਨੇ ਮੁੱਖ ਮੰਤਰੀ ਦੀ ਧੀ ਦੀ ਵੀਡੀਓ ਵੀ ਦਿਖਾਈ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਪਹਿਲਾਂ ਉਨ੍ਹਾਂ ਦੇ ਭਰਾ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ ਤੇ ਫਿਰ ਅੱਧੀ ਰਾਤ ਨੂੰ ਬਾਹਰ ਕੱਢ ਦਿੱਤਾ ਗਿਆ। ਵੀਡੀਓ ਵਿੱਚ ਮੁੱਖ ਮੰਤਰੀ ਦੀ ਧੀ ਨੇ ਆਪਣੇ ਪਿਤਾ ’ਤੇ ਦੋਸ਼ ਲਗਾਇਆ ਕਿ ਉਹ ਸ਼ਰਾਬ ਪੀ ਕੇ ਉਨ੍ਹਾਂ ਦੀ ਮਾਤਾ ਨਾਲ ਕੁੱਟਮਾਰ ਕਰਦੇ ਸਨ। ਮਜੀਠੀਆ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ, ਉਹ ਪੰਜਾਬ ਦੀ ਜ਼ਿੰਮੇਵਾਰੀ ਕੀ ਉਠਾਏਗਾ।

Scroll to Top