
ਸ਼ਹਿਰ ਦੇ ਮਾਡਲ ਟਾਊਨ ਫੇਜ਼ ਇਕ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸ ਦੇ ਲਈ ਉਨ੍ਹ: ਪੀਜੀਆਈ ਦੇ ਡਾਕਟਰਾਂ ਦੁਆਰਾ ਇਕ ਹਫਤੇ ਲਈ ਅਰਾਮ ਕਰਨ ਦਾ ਸਰਟੀਫਿਕੇਟ ਵੀ ਸੌਂਪਿਆ ਹੈ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਹਵਾਲੇ ਕਰ ਦਿੱਤਾ ਹੈ। ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਹੀ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿਚ ਪੇਸ਼ ਹੋ ਕੇ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀਆਂ ਨੂੰ ਸੌਂਪਿਆ। ਇਸ ਮੌਕੇ ਐਡਵੋਕੇਟ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਪਿਛਲੇ ਲੰਮੇ ਸਮੇਂ ਤੋਂ ਦਰਦ ਰਿਹਾ ਹੋ ਰਿਹਾ ਹੈ, ਜਿਸ ਦੇ ਚਲਦੇ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਇਸ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਵਿਚ ਛੋਟ ਲਈ ਵਿਜੀਲੈਂਸ ਅਧਿਕਾਰੀਆਂ ਨੂੰ ਮੈਡੀਕਲ ਰਿਕਾਰਡ ਵੀ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਦਲ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਜਿਸ ਕਾਰਨ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਸਕੇ। ਉਧਰ ਵਿਜੀਲੈਂਸ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਤਫਤੀਸ਼ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਪ੍ਰੰਤੂ ਉਹ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਆਪਣਾ ਮੈਡੀਕਲ ਸਰਟੀਫਿਕੇਟ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਉੱਚ ਅਧਿਕਾਰੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਬੀ ਜੁਬਾਨ ਵਿਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਮਨਪ੍ਰੀਤ ਬਾਦਲ ਵੱਲੋਂ ਭੇਜੇ ਹੋਏ ਮੈਡੀਕਲ ਰਿਕਾਰਡ ਅਤੇ ਸਰਟੀਫਿਕੇਟ ਦੀ ਜਾਂਚ ਲਈ ਮੈਡੀਕਲ ਬੋਰਡ ਵੀ ਬਿਠਾਇਆ ਜਾ ਸਕਦਾ ਹੈ ਤਾਂ ਸਚਾਈ ਸਾਹਮਣੇ ਆ ਸਕੇ।