AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਮਾਘੀ ਕਾਨਫਰੰਸ: ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਦਾ ਸੱਦਾ

ਇਤਿਹਾਸਕ ਪਿੰਡ ਤਖਤੁਪੂਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਸਾਲਾਂ ਬਾਅਦ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਤੋਂ ਲੋਕਾਂ ਦਾ ਭਰੋਸਾ ਉਠ ਗਿਆ ਹੈ। ਉਹ ਗੁਆਚੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਇਕਜੁੱਟ ਹੋ ਰਹੀਆਂ ਹਨ। ਉਨ੍ਹਾਂ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਕੋਈ ਵੀ ਗਲਤ ਫੈਸਲਾ ਸੂਬੇ ਨੂੰ ਹੋਰ ਪਿੱਛੇ ਧੱਕ ਸਕਦਾ ਹੈ। ਬਸਪਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੱਲੋਂ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਕੀਤੇ ਐਲਾਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਸੂਬੇ ਵਿਚ ਗੱਠਜੋੜ ਬਰਕਰਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਾਰੀਆਂ ਕੌਮੀ ਪਾਰਟੀਆਂ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਤੇ ਦਿੱਲੀ ਕਮੇਟੀ ਨੂੰ ਅਕਾਲੀ ਦਲ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਦੇ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਟੁੱਟਣ ਦੀਆਂ ਖ਼ਬਰਾਂ ਨੂੰ ਨਿਰਮੂਲ ਆਖਦਿਆਂ ਕਿਹਾ ਕਿ ਉਨ੍ਹਾਂ ਦਾ ਬਸਪਾ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਗੱਠਜੋੜ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਗਿਰਦਾਵਰੀ ਤੋਂ ਵੀ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ 25-25 ਹਜ਼ਾਰ ਰੁਪਏ ਪਾ ਦਿੱਤੇ ਜਾਣਗੇ ਪਰ ਕਿਸਾਨਾਂ ਨੂੰ ਲਗਾਤਾਰ ਤਿੰਨ ਫਸਲਾਂ ਬਰਬਾਦ ਹੋਣ ’ਤੇ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਸ਼ਗਨ ਸਕੀਮ ਬੰਦ ਕਰ ਦਿੱਤੀ ਗਈ ਹੈ। ਆਟਾ-ਦਾਲ ਅਤੇ ਬੁਢਾਪਾ ਪੈਨਸ਼ਨ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਦਿੱਤੀ ਗਈ ਹੈ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸਸ਼ਿਪ ਤੇ ਲੜਕੀਆਂ ਨੂੰ ਸਾਈਕਲ ਸਕੀਮ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ‘ਆਪ’ ਸਰਕਾਰ ’ਤੇ ਪੰਜਾਬ ਨੂੰ ਤਬਾਹ ਕਰਨ ਦਾ ਦੋਸ਼ ਲਗਾਉਂਦਿਆਂ ਸੂਬਾ ਵਾਸੀਆਂ ਨੂੰ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਕੂਮਤ ਮੁੜ ਆਉਣ ’ਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਸੂਬੇ ਦਾ ਅਰਥਚਾਰਾ ਲੀਹ ’ਤੇ ਲਿਆਂਦਾ ਜਾਵੇਗਾ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ, ਤੀਰਥ ਸਿੰਘ ਮਾਹਲਾ, ਰਾਜਿੰਦਰ ਸਿੰਘ ਡੱਲਾ, ਬਲਦੇਵ ਸਿੰਘ ਮਾਣੂੰਕੇ, ਹਰਪ੍ਰੀਤ ਸਿੰਘ ਕੋਟਭਾਈ, ਸੰਜੀਤ ਸਿੰਘ ਸੰਨੀ ਗਿੱਲ, ਬੂਟਾ ਸਿੰਘ ਦੌਲਤਪੁਰਾ ਤੇ ਹੋਰ ਹਾਜ਼ਰ ਸਨ।

Scroll to Top