AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਧਰਨਾ ਜਾਰੀ

ਇਥੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਕੱਲ੍ਹ ਲਾਸ਼ ਮਿਲਣ ਮਗਰੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾਘਰ ਅੱਗੇ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ। ਮ੍ਰਿਤਕਾ ਬਲਵਿੰਦਰ ਕੌਰ ਦੇ ਭਰਾ ਹਰਦੇਵ ਸਿੰਘ ਨੇ ਥਾਣਾ ਸਿਟੀ ਰੂਪਨਗਰ ਵਿਚ ਬਿਆਨ ਦਰਜ ਕਰਵਾ ਕੇ ਪੁਲੀਸ ਤੋਂ ਮੰਗ ਕੀਤੀ ਹੈ ਕਿ ਉਸ ਦੀ ਭੈਣ ਵੱਲੋਂ ਕੀਤੇ ਵੁਆਇਸ ਮੈਸਿਜਾਂ ਅਤੇ ਸੁਸਾਇਡ ਨੋਟ ਮੁਤਾਬਿਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹਰਦੇਵ ਸਿੰਘ ਨੇ ਕਿਹਾ ਕਿ ਅੱਜ ਉਸ ਨੇ ਸਿਰਫ ਮ੍ਰਿਤਕਾ ਦੇ ਬੇਕਸੂਰ ਸਹੁਰੇ ਦਾ ਨਾਮ ਪਰਚੇ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਉਹ ਵੁਆਇਸ ਮੈਸੇਜ ਅਤੇ ਸੁਸਾਇਡ ਨੋਟ ਮੁਤਾਬਿਕ ਕਰਵਾਈ ਲਈ ਆਪਣੇ ਬਿਆਨਾਂ ’ਤੇ ਕਾਇਮ ਹਨ। ਦੂਜੇ ਪਾਸੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਜਵਾਬ ਮੰਗਿਆ ਹੈ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਾਰਵਾਈ ਵਿਚ ਦੇਰੀ ਦਾ ਕਾਰਨ ਦੱਸਦਿਆਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਵਾਰ ਵਾਰ ਬਿਆਨ ਬਦਲੇ ਜਾ ਰਹੇ ਹਨ ਤੇ ਅੱਜ ਵੀ ਨਵਾਂ ਹਲਫ਼ੀਆ ਬਿਆਨ ਦਿੱਤਾ ਗਿਆ ਹੈ। ਉੱਧਰ ਅੱਜ ਮ੍ਰਿਤਕਾ ਦੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਮੁਰਦਾਘਰ ਦੇ ਬਾਹਰ ਪੱਕਾ ਧਰਨਾ ਲਾ ਲਿਆ ਹੈ। ਇਸ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਕਾਮਰੇਡ ਮਹਾਂ ਸਿੰਘ ਰੋੜੀ ਆਦਿ ਨੇ ਖੁਦਕੁਸ਼ੀ ਨੋਟ ਮੁਤਾਬਿਕ ਕਾਰਵਾਈ ਕਰਨ ਦੀ ਮੰਗ ਕੀਤੀ।

Scroll to Top