AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਯੂਥ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ

ਪੰਜਾਬ ਯੂਥ ਕਾਂਗਰਸ ਨੇ ਸੂਬੇ ਵਿੱਚ ਦਿਨ-ਦਿਹਾੜੇ ਕਤਲ, ਜਬਰ-ਜਨਾਹ ਅਤੇ ਔਰਤਾਂ ਖ਼ਿਲਾਫ਼ ਅਪਰਾਧ ਜਿਹੇ ਮਾਮਲਿਆਂ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ’ਤੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਵਰਕਰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ’ਚ ਇਕੱਠੇ ਹੋਏ। ਇਸ ਦੌਰਾਨ ਜਦੋਂ ਉਹ ਮੁੱਖ ਮੰਤਰੀ ਭਗੰਵਤ ਮਾਨ ਦੀ ਰਿਹਾਇਸ਼ ਘੇਰਨ ਲਈ ਅੱਗੇ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਲਕੀ ਖਿੱਚ-ਧੂਹ ਹੋਈ ਅਤੇ ਪੁਲੀਸ ਨੇ ਯੂਥ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਸਣੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ। ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਨਾਲ ਨਜਿੱਠਣ ਲਈ ਸਾਰਥਕ ਪਹੁੰਚ ਦੀ ਲੋੜ ਹੈ। ਇਸ ਸਬੰਧੀ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਤੇ ਪੁਲੀਸ ਫੋਰਸ ਦੇ ਆਧੁਨਿਕੀਕਰਨ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਮੰਗਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਕੇਂਦਰ ਕੋਲ ਪੰਜਾਬ ਦੇ ਕੇਸ ਦੀ ਪੈਰਵੀ ਕਰਨ ਲਈ ਯੂਥ ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਤੋਂ ਸਮਾਂ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਬਜਾਏ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਦਲਦਲ ਵਿੱਚ ਫਸਦੇ ਜਾ ਰਹੇ ਹਨ। ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਧਰਨਾ ਤਾਂ ਸ਼ੁਰੂਆਤ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਯੂਥ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਮੋਰਚਾ ਖੋਲ੍ਹਿਆ ਜਾਵੇਗਾ।

Scroll to Top