
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅੱਜ ਇੱਥੇ ਪੁਲੀਸ ਦੀਆਂ ਜਲ ਤੋਪਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਪੁਲੀਸ ਨੇ ਸ੍ਰੀ ਬਾਦਲ ਸਮੇਤ ਸੀਨੀਅਰ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਐੱਸਵਾਈਐੱਲ ’ਤੇ ਬਹਿਸ ਕਰਨ ਦੀ ਚੁਣੌਤੀ ਨੂੰ ਪ੍ਰਵਾਨ ਕਰਦਿਆਂ ਅੱਜ ਇੱਥੇ ਪੁੱਜੇ ਸਨ, ਪਰ ਭਗਵੰਤ ਮਾਨ ਨੇ ਬਹਿਸ ਦੀ ਥਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੱਧ ਪ੍ਰਦੇਸ਼ ਜਾਣ ਨੂੰ ਤਰਜੀਹ ਦਿੱਤੀ। ਸੁਖਬੀਰ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਵੀ ਕਾਂਗਰਸ ਪਾਰਟੀ ਦੇ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਹਰਿਆਣਾ ਤੇ ਰਾਜਸਥਾਨ ਨੂੰ ਹੋਰ ਪਾਣੀ ਦੇਣ ਦੀ ਤਿਆਰੀ ਵਿਚ ਹੈ ਤਾਂ ਜੋ ਇਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਨੂੰ ਸਿਆਸੀ ਲਾਹਾ ਮਿਲ ਸਕੇ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ’ਤੇ ਸੁਣਵਾਈ ਦੌਰਾਨ ਇਹ ਗੱਲ ਪ੍ਰਵਾਨ ਕੀਤੀ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਦੇਣ ਲਈ ਸਹਿਮਤੀ ਪ੍ਰਗਟ ਕੀਤੀ ਹੈ, ਪਰ ਵਿਰੋਧੀ ਪਾਰਟੀਆਂ ਦੇ ਦਬਾਅ ਅਤੇ ਅਕਾਲੀ ਦਲ ਦੀ ਸਰਕਾਰ ਵੱਲੋਂ 2016 ਵਿਚ ਕਿਸਾਨ ਨੂੰ ਵਾਪਸ ਕੀਤੀ ਜ਼ਮੀਨ ਮੁੜ ਐਕੁਆਇਰ ਕਰਨ ਵਿੱਚ ਆ ਰਹੀ ਮੁਸ਼ਕਲ ਕਾਰਨ ਰੁਕਾਵਟਾਂ ਆ ਰਹੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਪਾਣੀ ਪੰਜਾਬ ਲਈ ਉਸੇ ਤਰ੍ਹਾਂ ਕੁਦਰਤੀ ਸਰੋਤ ਹੈ ਜਵਿੇਂ ਛੱਤੀਸਗੜ੍ਹ ਲਈ ਕੋਲਾ ਤੇ ਰਾਜਸਥਾਨ ਲਈ ਸੰਗਮਰਮਰ। ਉਨ੍ਹਾਂ ਕਿਹਾ ਕਿ ਇਹ ਸਰੋਤ 1955 ਵਿੱਚ ਸਾਡੇ ਤੋਂ ਖੋਹ ਲਿਆ ਗਿਆ ਸੀ ਜਦੋਂ ਤਤਕਾਲੀ ਕਾਂਗਰਸ ਸਰਕਾਰ ਨੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਸੀ ਅਤੇ ਇਸ ਮਗਰੋਂ 1976 ਵਿਚ ਰਹਿੰਦੇ ਪਾਣੀ ਵਿਚੋਂ ਅੱਧਾ ਹਰਿਆਣਾ ਨੂੰ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਜਿਸ ਤਹਿਤ ਕੇਂਦਰ ਸਰਕਾਰ ਨਵੇਂ ਰਾਜਾਂ ਨੂੰ ਪਾਣੀ ਅਲਾਟ ਕਰ ਸਕਦੀ ਹੈ, ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਕੇ ਹੋਏ ਅਨਿਆਂ ਦੀ ਦਰੁੱਸਤੀ ਕਰਨ ਦੀ ਕੋਸ਼ਿਸ਼ ਕੀਤੀ। ਪਰ 1981 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਕੇਸ ਵਾਪਸ ਲੈਣ ਅਤੇ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜ਼ੀ ਕੀਤਾ ਤੇ ਫਿਰ 1982 ਵਿਚ ਇੰਦਰਾ ਗਾਂਧੀ ਨੇ ਨਹਿਰ ਦੀ ਉਸਾਰੀ ਸ਼ੁਰੂ ਕਰਵਾਈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।