
ਸ਼੍ਰੋਮਣੀ ਅਕਾਲੀ ਦਲ ਨੇ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਦਾ ਵਿਸ਼ਾ ਕੇਵਲ ਪਾਣੀ ਦਾ ਮੁੱਦਾ ਰੱਖਣ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹਿਸ ਤੋਂ ਭੱਜਦੇ ਨਹੀਂ ਪਰ ਅੱਜ ਮੁੱਦਾ ਪੰਜਾਬ ਦਾ ਪਾਣੀ ਬਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਮੁੱਦਿਆਂ ‘ਤੇ ਬਹਿਸ ਕਰਵਾਉਣੀ ਹੈ ਤਾਂ ਕੋਈ ਹੋਰ ਤਾਰੀਕ ਤੈਅ ਕਰ ਲਈ ਜਾਵੇ ਅਤੇ ਇਹ ਬਹਿਸ ਫਿਰ 1947 ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਭੂੰਦੜ ਨੇ ਕਿਹਾ ਕਿ ਅੱਜ ਬਹਿਸ ਦੀ ਨਹੀਂ ਬਲਕਿ ਪੰਜਾਬ ਦਾ ਸੰਕਟ ਮਿਲ-ਬੈਠ ਕੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਵੱਡੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਨੂੰ ਦਿੱਤੀ ਹੈ ਤੇ ਮੁੱਖ ਮੰਤਰੀ ਦੀ ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਡਿਊਟੀ ਬਣਦੀ ਹੈ ਕਿ ਉਹ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਆ ਚੁੱਕਿਆ ਹੈ ਇਸ ‘ਤੇ ਇਕੱਠੇ ਹੋ ਕੇ ਹੱਲ ਕੱਢਣਾ ਚਾਹੀਦਾ ਹੈ। ਭੂੰਦੜ ਨੇ ਸਪਸ਼ਟ ਸ਼ਬਦਾਂ ‘ਚ ਕਿਹਾ ਕਿ ਅਕਾਲੀ ਦਲ ਨਾ ਕਦੇ ਡਰਿਆ ਅਤੇ ਨਾ ਹੀ ਕਦੇ ਡਰੇਗਾ।