AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਮੈਡੀਕਲ ਰਿਪੋਰਟ ਤੈਅ ਕਰੇਗੀ ਮਨਪ੍ਰੀਤ ਦੀ ਵਿਜੀਲੈਂਸ ਅੱਗੇ ਪੇਸ਼ੀ!

ਪਲਾਟ ਖ਼ਰੀਦ ਮਾਮਲੇ ’ਚ ਵਿਜੀਲੈਂਸ ਕੇਸ ਦਾ ਸਾਹਮਣਾ ਕਰ ਰਹੇ ਭਾਜਪਾ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 31 ਅਕਤੂਬਰ ਨੂੰ ਵਿਜੀਲੈਂਸ ਬਿਓਰੋ ਬਠਿੰਡਾ ਕੋਲ ਪੁੱਛ-ਪੜਤਾਲ ਲਈ ਹਾਜ਼ਰ ਹੋਣ ਬਾਰੇ ਹਾਲੇ ਭੰਬਲਭੂਸਾ ਬਣਿਆ ਹੋਇਆ ਹੈ। ਸ੍ਰੀ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਰੀੜ੍ਹ ਦੀ ਹੱਡੀ ’ਚ ਨੁਕਸ ਹੋਣ ਕਰਕੇ ਉਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਤੁਰਨ-ਫਿਰਨ ਵਿੱਚ ਦਿੱਕਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 30 ਅਕਤੂਬਰ ਨੂੰ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਪੇਸ਼ੀ ’ਤੇ ਹਾਜ਼ਰ ਹੋਣ ਬਾਰੇ ਫੈਸਲਾ ਲਿਆ ਜਾਵੇਗਾ। ਇਸ ਮਾਮਲੇ ’ਚ ਸ੍ਰੀ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ ਜਿਸ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਉਨ੍ਹਾਂ ਨੂੰ 23 ਅਕਤੂਬਰ ਨੂੰ ਵੀ ਵਿਜੀਲੈਂਸ ਵੱਲੋਂ ਜਾਂਚ ’ਚ ਸਹਿਯੋਗ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਦੇ ਵਕੀਲ ਵੱਲੋਂ ਮੈਡੀਕਲ ਸਰਟੀਫਿਕੇਟ ਦੇ ਕੇ ਪੇਸ਼ੀ ਤੋਂ ਛੋਟ ਲੈ ਲਈ ਗਈ ਸੀ। ਉਸ ਦਿਨ ਵਕੀਲ ਵੱਲੋਂ ਵਿਜੀਲੈਂਸ ਨੂੰ ਲੋੜੀਂਦੇ ਦਸਤਾਵੇਜ਼ ਅਤੇ ਸ੍ਰੀ ਬਾਦਲ ਦਾ ਪਾਸਪੋਰਟ ਵੀ ਸੌਂਪ ਦਿੱਤਾ ਗਿਆ ਸੀ। ਗੌਰਤਲਬ ਹੈ ਕਿ ਬਠਿੰਡਾ ’ਚ ਬੀਡੀਏ ਦੇ ਪਲਾਟ ਖ਼ਰੀਦ ਮਾਮਲੇ ’ਚ ਕਥਿਤ ਘੁਟਾਲੇ ਸਬੰਧੀ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਸਮੇਤ ਕੁੱਲ 6 ਜਣਿਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਸੀ। ਇਨ੍ਹਾਂ ’ਚੋਂ ਤਿੰਨ ਜਣੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਜਾ ਚੁੱਕੇ ਹਨ। ਦੋ ਅਧਿਕਾਰੀਆਂ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ਵਿਚ ਅਰਜ਼ੀ ਦਾਖ਼ਲ ਕੀਤੀ ਹੋਈ ਹੈ ਜਦ ਕਿ ਸ੍ਰੀ ਬਾਦਲ ਨੂੰ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।

Scroll to Top