AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਮੰਗਾਂ ਦੀ ਪੂਰਤੀ ਲਈ ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵੱਡੀ ਰੈਲੀ, ਦਿੱਲੀ ’ਚ ਮੁੜ ਲਗਾਇਆ ਜਾਵੇਗਾ ਮੋਰਚਾ

ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖ਼ਿਲਾਫੀ਼ ਦੇ ਦੋਸ਼ ਲਗਾਏ ਗਏ, ਉਥੇ ਨਾਲ ਹੀ ਦਿੱਲੀ ਵਿਖੇ ਮੁੜ ਮੋਰਚਾ ਲਗਾਉਣ ਦੀ ਐਲਾਨ ਵੀ ਕੀਤਾ ਗਿਆ। ਇਸ ਕਿਸਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ। ਰੈਲੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਅਭਿਮਨਿਊ ਕੋਹਾੜ, ਹਰਜਿੰਦਰ ਸਿੰਘ ਖੋਸਾ, ਸਰਵਨ ਸਿੰਘ ਪੰਧੇਰ ਅਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨੀ ਕਾਨੂੰਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਐੱਮਐੱਸਪੀ ਸਮੇਤ ਹੋਰ ਕਈ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ। 2013 ਵਿੱਚ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਿਆ ਸੀ, ਜਿਸ ਦੌਰਾਨ ਭਾਜਪਾ ਆਗੂ ਰਾਜਨਾਥ ਸਿੰਘ ਨੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਭਾਅ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਪਰ 10 ਸਾਲ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੀ ਸਮਾਪਤੀ ‘ਤੇ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਲਖੀਮਪੁਰ ਖੀਰੀ ਯੂਪੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਪੂਰੀ ਨਹੀਂ ਹੋਇਆ। ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਇੱਕਜੁੱਟ ਹੋ ਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਿੱਲੀ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਸੰਘਰਸ਼ ਦੇ ਅੰਤ ਵਿੱਚ ਕੇਂਦਰ ਸਰਕਾਰ ਨੂੰ ਵਹਿਮ ਸੀ ਕਿ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪੈ ਗਈ ਹੈ ਪਰ ਅਸੀਂ ਕੇਂਦਰ ਸਰਕਾਰ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕਜੁੱਟ ਹੋ ਗਈਆਂ ਹਨ। ਇਸੇ ਕਾਰਨ ਅੱਜ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਦੂਜੀ ਵੱਡੀ ਮਹਾਪੰਚਾਇਤ ਬਰਨਾਲਾ ਦੀ ਅਨਾਜ ਮੰਡੀ ਵਿੱਚ ਕੀਤੀ। ਉਨ੍ਹਾਂ ਕਿਹਾ ਕਿ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਦਿੱਲੀ ਵਿਖੇ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ।

Scroll to Top