AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕਮੇਟੀ ਦੀ ਮੀਟਿੰਗ ਅੱਜ

ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ 9 ਦਸੰਬਰ ਨੂੰ ਸੱਦੀ ਗਈ ਹੈ। ਇਹ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਰਾਜੋਆਣਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਉਸ ਦੀ ਫਾਂਸੀ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਨੂੰ ਵਾਪਸ ਲਵੇ। ਇਹ ਪਟੀਸ਼ਨ 2012 ਵਿੱਚ ਦਾਇਰ ਕੀਤੀ ਗਈ ਸੀ ਪਰ 11 ਸਾਲ ਬੀਤਣ ਮਗਰੋਂ ਵੀ ਇਸ ਪਟੀਸ਼ਨ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਮੀਟਿੰਗ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ। ਇਸ ਰੋਸ ਮਾਰਚ ਵਿੱਚ ਸਿੱਖ ਜਗਤ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Scroll to Top