AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਹਿਮ ਦੀ ਅਪੀਲ ਵਾਪਸ ਲੈਣ ਬਾਰੇ ਫ਼ੈਸਲਾ 27 ਤੋਂ ਬਾਅਦ

ਸ਼੍ਰੋਮਣੀ ਕਮੇਟੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਬਾਰੇ ਅਗਲਾ ਫੈਸਲਾ ਹੁਣ 27 ਜਨਵਰੀ ਤੋਂ ਬਾਅਦ ਲਵੇਗੀ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਘਕੀਤਾ ਹੈ। ਉਹ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਗੁਰਦੁਆਰਿਆਂ ਅੰਦਰ ਸਿਰੋਪਾਓ ਦੇਣ ਦੇ ਰੁਝਾਨ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬਚਤ ਨੂੰ ਕੌਮ ਦੇ ਨੌਜਵਾਨ ਵਰਗ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਵੀ ਲਿਆ ਗਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੇਣ ਦੇ ਆਮ ਰੁਝਾਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਗੁਰਦੁਆਰਿਆਂ ਵਿੱਚੋਂ ਸਿਰੋਪਾ ਸਿਰਫ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਨੂੰ ਦੇਣ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਬਣੀ ਪੰਜ ਮੈਂਬਰੀ ਕਮੇਟੀ ਦੀ ਕਾਰਵਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਸੀ ਪਰ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਲਦੀ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਹੋਵੇਗੀ। ਇਸ ਨੂੰ ਦੇਖਦਿਆਂ ਹੁਣ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜ ਮੈਂਬਰੀ ਕਮੇਟੀ ਦੀ ਅਪੀਲ ਦੇ ਮੱਦੇਨਜ਼ਰ 31 ਦਸੰਬਰ ਤੋਂ ਸਮਾਂ ਵਧਾ ਕੇ 27 ਜਨਵਰੀ ਤੱਕ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਗੁਰਬਾਣੀ ਪ੍ਰਸਾਰਨ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵੈੱਬ ਚੈਨਲ (ਯੂ-ਟਿਊਬ ਅਤੇ ਫੇਸਬੁੱਕ ਆਦਿ) ’ਤੇ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦਾ ਸਾਊਂਡ ਸਿਸਟਮ ਵੀ ਲਗਾਇਆ ਜਾਵੇਗਾ। ਅੰਤ੍ਰਿੰਗ ਕਮੇਟੀ ਵੱਲੋਂ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਨੂੰਹ ਬੀਬੀ ਸੰਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀ ਦੇਣ ਦਾ ਫੈਸਲਾ ਵੀ ਲਿਆ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਉਣ ਲਈ ਸਮਾਗਮਾਂ ਦੀ ਰੂਪਰੇਖਾ ਨੂੰ ਵੀ ਅੰਤਿਮ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪੰਜਾਬ ਵਿਚ ਵੀ ਦਸਮ ਗੁਰੂ ਦਾ ਪ੍ਰਕਾਸ਼ ਪੁਰਬ ਕੌਮੀ ਪੱਧਰ ’ਤੇ ਮਨਾਉਣਾ ਆਰੰਭ ਕੀਤਾ ਜਾ ਰਿਹਾ ਹੈ। ਇਸ ਤਹਿਤ ਮੁੱਖ ਸਮਾਗਮ ਤੋਂ ਇਲਾਵਾ 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋਵੇਗਾ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪਾਸ ਕੀਤਾ ਗਿਆ।

Scroll to Top