AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਲੋਕਾਂ ਦਾ ਸਾਹਮਣਾ ਕਰਨ ਤੋਂ ਕਤਰਾ ਰਹੀ ਹੈ ‘ਆਪ’ ਸਰਕਾਰ: ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ ਜਿਸ ਕਰਕੇ ਸੂਬੇ ਅੰਦਰ ਨਿਗਮ ਚੋਣਾਂ ਕਰਵਾਉਣ ਤੋਂ ਭੱਜ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਸੂਬੇ ਅੰਦਰ ਬਹੁਤ ਸਾਰੀਆਂ ਕਾਰਪੋਰੇਸ਼ਨਾਂ ਆਪਣਾ ਸਮਾਂ ਪੂਰਾ ਕਰ ਚੁੱਕੀਆਂ ਹਨ ਪਰ ਸਰਕਾਰ ਜਾਣ-ਬੁੱਝ ਕੇ ਇਹ ਚੋਣਾਂ ਨਹੀਂ ਕਰਵਾ ਰਹੀ ਕਿਉਂਕਿ ਸਰਕਾਰ ਨੂੰ ਪਤਾ ਲੱਗ ਚੁੱਕਾ ਹੈ ਕਿ ਲੋਕਾਂ ਵਿੱਚ ਉਨ੍ਹਾਂ ਦਾ ਆਧਾਰ ਨਹੀਂ ਹੈ। ਉਧਰ, ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਸੂਬੇ ਅੰਦਰ ਗੱਠਜੋੜ ਤੇ ਸੀਟਾਂ ਦੀ ਵੰਡ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂ ਇੱਕ-ਦੂਜੇ ਨੂੰ ਪਾਣੀ ਪੀ ਪੀ ਕੇ ਕੋਸ ਰਹੇ ਹਨ ਤੇ ਇੱਕ-ਦੂਜੇ ਲਈ ਮੰਦੀ ਸ਼ਬਦਾਵਲੀ ਵਰਤ ਰਹੇ ਹਨ ਪਰ ਲੋਕ ਸਭਾ ਚੋਣਾਂ ਫਿਰ ਵੀ ਇਕੱਠਿਆਂ ਲੜਨ ਜਾ ਰਹੇ ਹਨ ਜੋ ਆਮ ਲੋਕਾਂ ਨਾਲ ਵੱਡਾ ਵਿਸ਼ਵਾਸਘਾਤ ਹੋਵੇਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਡਾ. ਚੀਮਾ ਨੇ ਦੱਸਿਆ ਕਿ 10 ਜਨਵਰੀ ਨੂੰ ਸਜਾਏ ਜਾਣ ਵਾਲੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਥਾਨਕ ਸੰਗਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਮੌਜੂਦ ਸਨ।

Scroll to Top