AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਵੀਹ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ’ਤੇ ਧਰਨੇ ਦੇਣ ਦਾ ਐਲਾਨ

ਇੱਥੇ ਅੱਜ ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ। ਉਨ੍ਹਾਂ 15 ਨਵੰਬਰ ਤੋਂ ਬਾਅਦ ਸੂਬੇ ਦੇ ਟੌਲ ਪਲਾਜ਼ਿਆਂ ਨੂੰ ਬੰਦ ਕਰ ਕੇ ਧਰਨੇ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਸਰਵਨ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਨੇ ਕਿਹਾ ਕਿ 23 ਤੇ 24 ਅਕਤੂਬਰ ਨੂੰ ਸੂਬੇ ਭਰ ’ਚ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐੱਮਐੱਸਪੀ ’ਤੇ ਯਕੀਨੀ ਕਰਵਾਉਣ ਲਈ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ, ਨਸ਼ਿਆਂ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਦਰਜ ਕੀਤੇ ਪੁਲੀਸ ਕੇਸ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਤਲਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਹੋਰ ਮੰਗਾਂ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਵਿੱਚ ਏਕਾ ਜ਼ਰੂਰੀ ਹੈ। ਇਸ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਐੱਸਕੇਐੱਮ ਗ਼ੈਰਰਾਜਨੀਤਿਕ ਫਰੰਟ ਅਤੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਦਾ ਹਾਂ-ਪੱਖੀ ਹੁੰਗਾਰਾ ਮਿਲਿਆ ਹੈ।

Scroll to Top