AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਵੱਡੀ ਗਿਣਤੀ ਸਿੱਖ ਆਗੂ ਘਰਾਂ ’ਚ ਨਜ਼ਰਬੰਦ ਕੀਤੇ

ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੇ ਗਏ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅੱਜ ਪੁਲੀਸ ਨੇ ਕਈ ਸਿੱਖ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਇਸ ਕਾਰਵਾਈ ਦੇ ਵਿਰੋਧ ਵਿੱਚ ਕਈ ਸਿੱਖ ਜਥੇਬੰਦੀਆਂ ਨੇ ਸਥਾਨਕ ਖੰਡਾ ਚੌਕ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਨਸ਼ਾ ਰੋਕੂ ਐਕਸ਼ਨ ਮੁਹਿੰਮ ਦੇ ਆਗੂ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਨਿਹੰਗ ਸਿੰਘ ਆਗੂ ਜਬਰਜੰਗ ਸਿੰਘ, ਅਕਾਲੀ ਦਲ (ਅ) ਦੇ ਗੁਰਚਰਨ ਸਿੰਘ ਕੋਟਲੀ ਤੇ ਯਾਦਵਿੰਦਰ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨੀ ਜਾਂ ਇਸ ਅਰਦਾਸ ਵਿੱਚ ਸ਼ਾਮਲ ਹੋਣਾ ਕੋਈ ਜੁਰਮ ਨਹੀਂ ਹੈ ਪਰ ਪੰਜਾਬ ਸਰਕਾਰ ਨੇ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਨਸ਼ਾ ਰੋਕੂ ਮੁਹਿੰਮ ਦੇ ਆਗੂ ਪਰਮਿੰਦਰ ਸਿੰਘ ਝੋਟਾ ਸਣੇ ਕਈ ਹੋਰ ਆਗੂਆਂ ਨੂੰ ਅੱਜ ਦੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਘਰਾਂ ਵਿੱਚ ਨਜ਼ਰਬੰਦ ਕਰਵਾ ਦਿੱਤਾ ਹੈ। ਪੰਜਾਬ ਪੁਲੀਸ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਬੰਦੀ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਅਜਿਹਾ ਕਰ ਕੇ ਸਰਕਾਰਾਂ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀਆਂ ਹਨ।

Scroll to Top