
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਲਗਾਇਆ ਪੱਕਾ ਮੋਰਚਾ ਅੱਜ 17ਵੇਂ ਦਿਨ ’ਚ ਦਾਖਲ ਹੋ ਚੁੱਕਾ ਹੈ। ਸੂਬਾ ਕਮੇਟੀ ਆਗੂਆਂ ਨੇ ਕਿਹਾ ਕਿ ਪੱਕਾ ਮੋਰਚਾ ਪੂਰੀ ਚੜ੍ਹਦੀ ਕਲਾ ’ਚ ਚੱਲ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਕਾਡਰ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰ ਰਿਹਾ ਹੈ। ਆਗੂਆਂ ਕਿਹਾ ਕਿ ਹੁਣ ਤਾਂ ਉਮੀਦਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਅਤੇ ਬੱਚੇ ਵੀ ਸ਼ਿਰਕਤ ਕਰਕੇ ਪੰਜਾਬ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮੁੱਚਾ ਈਟੀਟੀ ਕੇਡਰ ਸਕੂਲਾਂ ਵਿੱਚ ਜੁਆਇਨ ਨਹੀ ਕਰ ਲੈਂਦਾ ਉਦੋਂ ਤੱਕ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਲੱਗਾ ਪੱਕਾ ਮੋਰਚਾ ਜਾਰੀ ਰਹੇਗਾ। ਸੂਬਾ ਕਮੇਟੀ ਮੈਂਬਰ ਬਲਿਹਾਰ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ, ਜਸਪ੍ਰੀਤ ਮਾਨਸਾ, ਪਰਗਟ ਸਿੰਘ, ਲਵਪ੍ਰੀਤ ਦੰਦੀਵਾਲ, ਜੱਸੀ, ਹਰੀਸ਼ ਕੁਮਾਰ ਤੇ ਬੰਟੀ ਅਬੋਹਰ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨ ਠੰਢੀਆਂ ਰਾਤਾਂ ਖੁੱਲ੍ਹੇ ਅਸਮਾਨ ਹੇਠ ਕੱਟਣ ਲਈ ਮਜਬੂਰ ਹਨ। ਕਮੇਟੀ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਕਤ ਈਟੀਟੀ 5994 ਬੇਰੁਜਗਾਰ ਅਧਿਆਪਕਾਂ ਦੀ ਸਾਰ ਨਾ ਲਈ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਅਤੇ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿਕਲਣ ਤੋਂ ਖਫਾ ਹੋ ਕੇ ਯੂਨੀਅਨ ਨੇ ਮਜਬੂਰੀ ਵਸ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਲਿਆ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਪੈਨਲ ਮੀਟਿੰਗ ਦੌਰਾਨ ਕੀਤੇ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਛੇਤੀ ਹਾਈ ਕੋਰਟ ਵਿੱਚ ‘‘ਐਫੀਡੇਵਿਟ’’ ਦੇ ਕੇ ਭਰਤੀ ਪੂਰੀ ਕਰੇ।