AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸਪੀਕਰ, ਦੋ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਣੇ ਦੋ ਕੈਬਨਿਟ ਮੰਤਰੀ, 17 ‘ਆਪ’ ਵਿਧਾਇਕ ਅਤੇ ਕਰੀਬ 500 ਵਿਅਕਤੀਆਂ ਦਾ ਜਥਾ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਗਿਆ ਜਿਸ ਦੌਰਾਨ ਡੇਰਾ ਬਾਬਾ ਨਾਨਕ ਲਾਂਘੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਨੇੜੇ ਹੋਈ ਪਾਰਟੀ ਦਾ ਮਾਮਲਾ ਉੱਧਰ ਜਾ ਕੇ ਚੁੱਕਣਗੇ| ਦੇਰ ਸ਼ਾਮ ਨੂੰ ਸਪੀਕਰ ਸ੍ਰੀ ਸੰਧਵਾਂ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਇਸ ਸਬੰਧੀ ਸਾਂਝੀ ਵੀਡੀਓ ਜਾਰੀ ਕੀਤੀ। ਵੀਡੀਓ ਵਿੱਚ ਉਨ੍ਹਾਂ ਸਾਰੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ, ਜਿਨ੍ਹਾਂ ਵਿੱਚ ਇਹ ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੈਂਪਸ ’ਚ ਕੋਈ ਪਾਰਟੀ ਹੋਈ ਹੈ| ਭਾਈ ਗੋਬਿੰਦ ਸਿੰਘ ਨੇ ਵੀਡੀਓ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਪਾਰਟੀ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਦੋ ਕਿਲੋਮੀਟਰ ਦੀ ਦੂਰੀ ’ਤੇ ਹੋਈ ਹੈ| ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਖ਼ਿਲਾਫ਼ ਜਾਣਬੁੱਝ ਕੇ ਨਾਂਹ-ਪੱਖੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ| ਇਸ ਵੀਡੀਓ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਭਾਈ ਗੋਬਿੰਦ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਕੈਂਪਸ ਵਿੱਚ ਕੋਈ ਵੀ ਪਾਰਟੀ ਨਾ ਹੋਣ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਨਫ਼ਰਤ ਫੈਲਾਉਣ ਲਈ ਅਜਿਹੀਆਂ ਝੂਠੀਆਂ ਵੀਡੀਓ’ਜ਼ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਦਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ| ਸ੍ਰੀ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਸਾਰੇ ਵਿਧਾਇਕ ਕਰਤਾਰਪੁਰ ਸਾਹਿਬ ਵਿਖੇ ਜਾਣਗੇ। ਇਸ ਤਹਿਤ ਅੱਜ ਉਨ੍ਹਾਂ ਸਣੇ ਦੋ ਮੰਤਰੀ, 17 ਵਿਧਾਇਕ, ਵਿਧਾਨ ਸਭਾ ਦੇ ਕੁਝ ਸਟਾਫ਼ ਮੈਂਬਰ ਅਤੇ ਹੋਰ ਲੋਕ ਪਾਕਿਸਤਾਨ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਦਰਸ਼ਨਾਂ ਲਈ ਪਾਕਿਸਤਾਨ ਜਾਵੇਗਾ| ਅੱਜ ਰਵਾਨਾ ਹੋਏ ਇਸ ਜਥੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਸ਼ਾਮਲ ਸਨ|

Scroll to Top